ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ

ਸਵਿੰਦਰ ਸਿੰਘ ਨੇ ਬੀਤੇ ਸਮੇਂ ਮੇਘਾਲਿਆ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ’ਤੇ ਆਈ ਮੁਸੀਬਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੂੰ ਉਥੋਂ ਦੇ ਮੌਜੂਦਾ ਹਲਾਤਾਂ ਤੋਂ ਜਾਣੂ ਕਰਵਾਇਆ।ਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਲਾਂਗ ’ਚ ਗੁਰਦੁਆਰਾ ਸਾਹਿਬਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰਥਿਕ ਸਹਾਇਤਾ, ਲਾਇਬ੍ਰੇਰੀ ਅਤੇ ਕੀਰਤਨ ਲਈ ਤਬਲਾ, ਹਰਮੋਨੀਅਮ ਆਦਿ ਸਾਜ਼ ਭੇਜ ਕੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਜਦੋਂ ਸਥਾਨਕ ਲੋਕਾਂ ਵੱਲੋਂ ਪੰਜਾਬੀਆਂ ਦੀ ਕਲੋਨੀ ’ਤੇ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਸ਼ਿਲਾਂਗ ਪਹੁੰਚ ਕੇ ਲੋੜੀਂਦੀ ਮੱਦਦ ਕੀਤੀ ਸੀ।
ਇਸੇ ਦੌਰਾਨ ਗੁਰਦੁਆਰਾ ਸਿੰਘ ਸਭਾ ਕੋਚੀ ਦੇ ਪ੍ਰਧਾਨ ਜਸਬੀਰ ਸਿੰਘ ਚਾਵਲਾ ਵੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ।ਉਨ੍ਹਾਂ ਨੇ ਕੇਰਲਾ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ, ਕੱਪੜੇ ਅਤੇ ਮੈਡੀਕਲ ਸਹੂਲਤਾਂ ਨਾਲ ਹੜ੍ਹ ਪ੍ਰਭਾਵਿਤ ਕੇਰਲ ਵਾਸੀਆਂ ਦੀ ਮੱਦਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਹਨ।ਸ਼ਿਲਾਂਗ ਅਤੇ ਕੋਚੀ ਤੋਂ ਪਹੁੰਚੇ ਸਿੱਖ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸਰਬਜੀਤ ਸਿੰਘ ਸ਼ਿਲਾਂਗ, ਹਰਭਜਨ ਸਿੰਘ ਸ਼ਿਲਾਂਗ ਆਦਿ ਵੀ ਮੌਜੂਦ ਸਨ।