ਚੰਡੀਗੜ੍ਹ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸੂਬੇ ਦੇ ਗ੍ਰਹਿ ਵਿਭਾਗ ਨੇ ਨੋਟੀਫੀਕੇਸ਼ਨ ਜਾਰੀ ਕਰਕੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬਲਦਿਓ ਪੁਰਸਾਰਥਾ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੀ ਹਦਾਇਤ ਕੀਤੀ ਹੈ।
ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।ਜਾਂਚ ਦੌਰਾਨ ਇਸ ਦਰਦਨਾਕ ਹਾਦਸੇ ਨਾਲ ਜੁੜੇ ਹਰੇਕ ਪਹਿਲੂ ਦੀ ਘੋਖ ਕੀਤੀ ਜਾਵੇਗੀ।
ਸੂਬੇ ਦੇ ਵਧੀਕ ਮੁੱਖ ਗ੍ਰਹਿ ਸਕੱਤਰ ਨਿਰਮਲਜੀਤ ਸਿੰਘ ਕਲਸੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੋਡ ਆਫ ਕ੍ਰੀਮੀਨਲ ਪ੍ਰੋਸੀਜ਼ਰ-1973 ਦੀ ਧਾਰਾ 21 ਅਧੀਨ ਬੀ.ਪੁਰਸਾਰਥਾ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨਿਯੁੱਕਤ ਕੀਤਾ ਹੈ। ਇਸ ਜਾਂਚ ਦੌਰਾਨ ਉਨ੍ਹਾਂ ਨੂੰ ਕਾਰਜਕਾਰੀ ਮੈਜਿਸਟ੍ਰੇਟ ਵਜੋਂ ਸਾਰੀਆਂ ਸ਼ਕਤੀਆਂ ਹਾਸਲ ਹੋਣਗੀਆਂ।
ਇਸ ਨੋਟੀਫਿਕੇਸ਼ਨ ਵਿੱਚ ਮੈਜਿਸਟ੍ਰੇਟੀ ਜਾਂਚ ਦੀਆਂ ਸ਼ਰਤਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।ਇਹ ਜਾਂਚ ਇਸ ਮੰਦਭਾਗੀ ਘਟਨਾ ਦੀ ਵਿਸਥਾਰਤ ਪੜਤਾਲ ਕਰਨ ਅਤੇ ਵਿਅਕਤੀਗਤ ਰੂਪ ਵਿੱਚ ਜਾਂ ਕਿਸੇ ਏਜੰਸੀ ਵੱਲੋਂ ਜੇਕਰ ਕੋਈ ਅਣਗਹਿਲੀ ਕੀਤੀ ਗਈ ਹੈ, ਤਾਂ ਉਸ ਦੀ ਘੋਖ ਕਰਨ ਲਈ ਕੀਤੀ ਜਾਵੇਗੀ ਅਤੇ ਉਸ ਮੁਤਾਬਕ ਜ਼ਿੰਮੇਵਾਰੀ ਤੈਅ ਹੋਵੇਗੀ।
ਮੈਜਿਸਟ੍ਰੇਟ ਜਾਂਚ ਦੌਰਾਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਵਾਸਤੇ ਸੁਝਾਅ ਦੇਣ ਲਈ ਆਖਿਆ ਗਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਹ ਜਾਂਚ ਚਾਰ ਹਫ਼ਤਿਆਂ ਵਿੱਚ ਮੁਕੰਮਲ ਹੋਵੇਗੀ ਅਤੇ ਇਸ ਦੀ ਰਿਪੋਰਟ ਗ੍ਰਹਿ ਤੇ ਨਿਆਂ ਵਿਭਾਗ ਨੂੰ ਸੌਂਪੀ ਜਾਵੇਗੀ।
ਇਹ ਦੱਸਣਯੋਗ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਜਲੰਧਰ-ਅੰਮ੍ਰਿਤਸਰ ਰੇਲ ਲਾਈਨ ’ਤੇ ਜੌੜਾ ਫਾਟਕ ਨੇੜੇ ਦੁਸਹਿਰ ਦੇ ਤਿਉਹਾਰ ਮੌਕੇ ਜੁੜੇ ਇਕੱਠ ਦੌਰਾਨ ਡੀ.ਐਮ.ਯੂ ਦੀ ਲਪੇਟ ਵਿੱਚ ਆਉਣ ਨਾਲ ਕਈ ਵਿਅਕਤੀ ਮਾਰੇ ਗਏ ਅਤੇ ਕੁੱਝ ਹੋਰ ਜ਼ਖਮੀ ਹੋ ਗਏ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …