ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਪ੍ਰਵਾਨ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ
ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾ ਦਿੱਤਾ ਗਿਆ।ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ।ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁੱਦੇ ਤੋਂ ਅਸਤੀਫਾ ਭੇਜ ਕੇ ਕਿਸੇ ਹੋਰ ਨੂੰ ਸੇਵਾ ਦੇਣ ਲਈ ਕਿਹਾ ਸੀ, ਜਿਸ ’ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਦਾ ਸਰਬਸੰਮਤੀ ਨਾਲ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਫਿਲਹਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ। ਇਕ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜਥੇਦਾਰ ਲਈ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਜਲਦ ਹੀ ਸਮਾਗਮ ਰੱਖਿਆ ਜਾਵੇਗਾ।ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ਰੰਗ ਮੈਂਬਰਾਨ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਢੱਡੇ, ਨਵਤੇਜ ਸਿੰਘ ਕਾਉਣੀ, ਹਰਦੇਵ ਸਿੰਘ ਰੋਗਲਾ, ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਗੁਰਮੀਤ ਸਿੰਘ ਬੂਹ, ਰਵਿੰਦਰ ਸਿੰਘ ਚੱਕ ਤੇ ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ ਤੇ ਹੋਰ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media