Wednesday, March 11, 2026

ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵਲੋਂ ਵਰੋਸਾਏ 52 ਕਿੱਤਾਕਾਰਾਂ ਦਾ ਕੀਤਾ ਸਨਮਾਨ

ਪੰਜ ਪ੍ਰਮੁੱਖ ਸ਼ਖ਼ਸੀਅਤਾਂ ਤੇ 52 ਸਕੂਲੀ ਬੱਚੇ ਵੀ ਸਨਮਾਨਿਤ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਵਿਲੱਖਣ ਪਹਿਲ PPN2610201804ਕਰਦਿਆਂ 52 ਕਿੱਤਾਕਾਰਾਂ ਅਤੇ ਸੇਵਾ ਦੇ ਖੇਤਰ ਵਿਚ ਕਾਰਜਸ਼ੀਲ 5 ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ 52 ਲੋੜਵੰਦ ਪਰ ਹੁਸ਼ਿਆਰ ਸਕੂਲੀ ਵਿਦਿਆਰਥੀਆਂ ਨੂੰ ਵੀ ਸਾਲ ਭਰ ਦੀ ਸਕੂਲ ਫੀਸ ਦੇ ਕੇ ਨਿਵਾਜਿਆ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਇਸ ਸਨਮਾਨ ਸਮਾਰੋਹ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕਿੱਤਾਕਾਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਪ੍ਰਦਾਨ ਕੀਤੇ। ਸਨਮਾਨਿਤ 5 ਪ੍ਰਮੁੱਖ ਸ਼ਖ਼ਸੀਅਤਾਂ ਵਿਚ ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਦੇ ਡਾ. ਬੀਬੀ ਇੰਦਰਜੀਤ ਕੌਰ, ਖ਼ਾਲਸਾ ਏਡ ਦੇ ਭਾਈ ਰਵੀ ਸਿੰਘ ਲਈ ਅਮਰਪ੍ਰੀਤ ਸਿੰਘ, ਭਾਈ ਘਨ੍ਹੱਈਆ ਜੀ ਸੁਸਾਇਟੀ ਦੇ ਮੁੱਖੀ ਮਨਜੀਤ ਸਿੰਘ ਨੂੰ ਸਿਰੋਪਾਓ, ਲੋਈ, ਸਨਮਾਨ ਚਿੰਨ੍ਹ ਅਤੇ 21-21 ਹਜ਼ਾਰ ਰੁਪਏ ਸਤਿਕਾਰ ਵਜੋਂ ਦਿੱਤੇ ਗਏ। ਇਸੇ ਤਰ੍ਹਾਂ 52 ਕਿੱਤਾਕਾਰਾਂ ਨੂੰ ਵੀ ਸਿਰੋਪਾਓ, ਲੋਈ, ਸਨਮਾਨ ਚਿੰਨ੍ਹ ਤੇ 11-11 ਹਜ਼ਾਰ ਰੁਪਏ ਦਿੱਤੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿੱਤਾਕਾਰਾਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਕੂਲੀ ਬੱਚਿਆਂ ਦੇ ਸਨਮਾਨ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਗੁਰੂ ਘਰ ਤੋਂ ਪ੍ਰਾਪਤ ਸਨਮਾਨ ਨਾਲ ਉਹ ਆਪਣੇ ਆਪ ’ਤੇ ਜ਼ਰੂਰ ਮਾਣ ਮਹਿਸੂਸ ਕਰਨਗੇ।
 ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਰਸ਼ਕ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦਾ ਮੰਤਵ ਉਨ੍ਹਾਂ ਨੂੰ ਸੰਗਤਾਂ ਸਾਹਮਣੇ ਪੇਸ਼ ਕਰਕੇ ਪ੍ਰੇਰਣਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ਵਸਾਏ ਕਿੱਤਾਕਾਰ ਅੱਜ ਵੀ ਪਿਤਾ ਪੁਰਖੀ ਕਿੱਤੇ ਨਾਲ ਜੁੜੇ ਹੋਏ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਮਹਾਨ ਕਿਰਤੀਆਂ ਨੂੰ ਸਨਮਾਨਿਤ ਕਰਕੇ ਖ਼ੁਸ਼ੀ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਰਤੀ ਗੁਰੂ ਸਾਹਿਬ ਦੇ ਸਾਂਝੀਵਾਲਤਾ, ਸਦਭਾਵਨਾ ਅਤੇ ਆਪਸੀ ਪਿਆਰ ਭਾਵਨਾ ਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕਾਰਜ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਹੈ, ਪਰ ਸਨਮਾਨ ਲਈ ਰਾਸ਼ੀ ਗੁਰੂ ਘਰ ਦੇ ਪ੍ਰੇਮੀਆਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ, ਭੁਪਿੰਦਰ ਸਿੰਘ ਮਿਨਹਾਸ, ਬੀਬੀ ਰਾਣੀ ਕੌਰ ਦਿੱਲੀ ਤੇ ਮਨਿੰਦਰ ਕੌਰ ਬੇਦੀ ਮੁੰਬਈ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸਨਮਾਨ ਲਈ ਸਹਿਯੋਗ ਕੀਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੰਤਵ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰੇ ਵਿਸ਼ਵ ਨੂੰ ਸਾਂਝੀਵਾਲਤਾ ਦਾ ਸੁਨੇਹਾ ਦੇਣਾ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਸਫਲ ਹੋਈ ਹੈ।ਉਨ੍ਹਾਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਫਲਤਾ ਲਈ ਗੁਰੂ ਸਾਹਿਬ ਅਤੇ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਗੁਰੂ ਘਰ ਦੇ ਪ੍ਰੇਮੀਆਂ, ਦੇਸ਼ ਵਿਦੇਸ਼ ਦੀਆਂ ਸੰਗਤਾਂ, ਪ੍ਰਸ਼ਾਸਨ ਅਤੇ ਮੀਡੀਆ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਬੀਬੀ ਪਰਮਜੀਤ ਕੌਰ ਪਿੰਕੀ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply