ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਮੁਤਾਬਿਕ ਮਿਲੇਗੀ ਨੌਕਰੀ-ਸਿੱਧੂ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸਿਹਰੇ ਦੀ ਸ਼ਾਮ ਅੰਮਿ੍ਰਤਸਰ ਵਿਖੇ ਵਾਪਰਿਆ ਰੇਲ ਹਾਦਸਾ, ਜਿਸ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 69 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ ਦੀ ਮਾਲੀ ਸਹਾਇਤਾ ਲਈ ਮਦਦ ਵਜੋਂ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਕਟ ਹਾਊਸ ਵਿਖੇ ਅੱਜ 10 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਅਤੇ ਹੁਣ ਤੱਕ 52 ਜਖਮੀਆਂ ਨੂੰ ਸਹਾਇਤਾ ਰਾਸ਼ੀ ਵਜੋਂ ਚੈਕ ਦੇ ਦਿੱਤੇ ਗਏ ਹਨ।
ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਸਿੱਧੂ ਨੇ ਕਿਹਾ ਕਿ ਜਿਹੜੇ ਵੀ ਜਖਮੀ ਸਰਕਾਰੀ ਜਾਂ ਗੈਰ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਹਨ, ਸਰਕਾਰ ਉਨ੍ਹਾਂ ਦੇ ਸਾਰੇ ਇਲਾਜ ਦਾ ਖਰਚਾ ਕਰੇਗੀ।ਸਿੱਧੂ ਨੇ ਦੱਸਿਆ ਕਿ ਹੁਣ ਤੱਕ ਰੇਲ ਹਾਦਸੇ ਵਿੱਚ ਮਾਰੇ ਗਏ ਅਤੇ ਜਖਮੀ ਹੋਏ ਵਿਅਕਤੀਆਂ ਨੂੰ ਲਗਭਗ 100 ਚੈਕ ਵੰਡ ਦਿੱਤੇ ਗਏ ਹਨ ਅਤੇ ਬਾਕੀ ਚੈਕ ਆਉਂਦੇ ਹੀ ਕੁਝ ਦਿਨਾਂ ਵਿੱਚ ਦੇ ਦਿੱਤੇ ਜਾਣਗੇ।ਸਿੱਧੂ ਨੇ ਕਿਹਾ ਕਿ ਇਨਾਂ ਦੇ ਦੁਖ ਨੂੰ ਵੰਡਾਉਣਾ ਸਾਡੀ ਜਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਾਵਈ ਹੇਠ ਇਕ ਹਫ਼ਤ ਦੇ ਅੰਦਰ ਅੰਦਰ ਰੇਲ ਹਾਦਸੇ ਵਿੱਚ ਮਾਰੇ ਗਏ ਅਤੇ ਜਖਮੀ ਹੋਏ ਵਿਅਕਤੀਆਂ ਨੂੰ ਚੈਕ ਦਿੱਤੇ ਗਏ ਹਨ।
ਸਿੱਧੂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਇਤਿਹਾਸਕ ਫੈਸਲਾ ਦਿੱਤਾ ਹੈ, ਪਰ ਕੁੱਝ ਵਿਰੋਧੀ ਦਲ ਲਾਸ਼ਾਂ ਦੀ ਰਾਜਨੀਤੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਇਨ੍ਹਾਂ ਜਖਮੀ ਪਰਿਵਾਰਾਂ ਦੀ ਸਾਰ ਤੱਕ ਵੀ ਲੈਣ ਨਹੀਂ ਆਏ ਅਤੇ ਇਹ ਗਿਰੀ ਰਾਜਨੀਤੀ ਕਰ ਰਹੇ ਹਨ।ਇਸ ਮੌਕੇ ਰਾਜੇਸ਼ ਸ਼ਰਮਾ, ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2, ਜਤਿੰਦਰ ਸ਼ਰਮਾ ਕਾਨੂੰਗੋ ਵੀ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …