Thursday, November 5, 2026

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ PPN0111201802ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਹ ਲਿਫ਼ਟਾਂ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ੇ ਤੋਂ ਸੰਗਤਾਂ ਨੂੰ ਪਰਕਰਮਾਂ ਤੱਕ ਲਿਜਾਣ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ, ਉਥੇ ਹੀ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਰੂਪਮਾਨ ਕਰਦੇ ਕੇਂਦਰੀ ਸਿੱਖ ਅਜਾਇਬ ਘਰ ਤੱਕ ਵੀ ਪਹੁੰਚਾਉਣਗੀਆਂ। ਸਿਡਲਰ ਇੰਡੀਆ ਪ੍ਰਾਈਵੇਟ ਲਿਮਿ: ਕੰਪਨੀ ਪਾਸੋਂ ਲਗਵਾਈਆਂ ਗਈਆਂ ਇਨ੍ਹਾਂ ਲਿਫ਼ਟਾਂ ਵਿਚ 10 ਵਿਅਕਤੀ ਇਕੋ ਸਮੇਂ ਖੜ੍ਹਨ ਦੀ ਸਮਰੱਥਾ ਹੈ ਅਤੇ ਇਨ੍ਹਾਂ ਦੀ ਕੀਮਤ 11-11 ਲੱਖ ਰੁਪਏ ਦੇ ਕਰੀਬ ਹੈ। ਉਦਘਾਟਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਕੇਂਦਰ ਹੋਣ ਕਰਕੇ ਇਥੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਪੁੱਜਦੀਆਂ ਹਨ ਅਤੇ ਬਜ਼ੁਰਗ ਤੇ ਅੰਗਹੀਣ ਸ਼ਰਧਾਲੂਆਂ ਦੀ ਸੁਵਿਧਾ ਲਈ ਇਨ੍ਹਾਂ ਲਿਫ਼ਟਾਂ ਦਾ ਪ੍ਰਬੰਧ ਕੀਤਾ ਗਿਆ ਹੈ।
    ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਮੇਂ-ਸਮੇਂ ਯਤਨ ਕੀਤੇ ਜਾਂਦੇ ਹਨ ਅਤੇ ਇਹ ਲਿਫ਼ਟਾਂ ਵੀ ਇਨ੍ਹਾਂ ਯਤਨਾਂ ਦਾ ਹੀ ਇਕ ਹਿੱਸਾ ਹੈ।ਆਸ ਪ੍ਰਗਟਾਈ ਕਿ ਇਨ੍ਹਾਂ ਲਿਫ਼ਟਾਂ ਦਾ ਸੰਗਤਾਂ ਨੂੰ ਭਰਪੂਰ ਲਾਭ ਮਿਲੇਗਾ।ਉਦਘਾਟਨ ਤੋਂ ਪਹਿਲਾਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply