ਦੀਵਾਲੀ ਰਾਤ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ
ਅੰਮਿ੍ਤਸਰ, 3 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਕੀਤਾ।
ਇਸ ਮੀਟਿੰਗ ਵਿੱਚ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਗੁਰਪ੍ਰੀਤ ਸਿੰਘ ਗਿੱਲ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਿੰਸੀਪਲ ਜਤਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਸਕੂਲਾਂ ਦੇ ਪ੍ਰਿੰਸੀਪਲ ਅਤੇ ਐਨ.ਜੀ.ਓ ਦੇ ਨੁਮਾਇੰਦੇ ਹਾਜ਼ਰ ਸਨ।
ਸੰਘਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰੀਨ ਦੀਵਾਲੀ ਮਨਾਉਣ ਦੇ ਸੰਦੇਸ਼ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਉਣ ਲਈ 5 ਨਵੰਬਰ ਨੂੰ ਜਿਲ੍ਹਾ ਪੱੱਧਰੀ ਸਮਾਗਮ ਸਰਕਾਰੀ ਸਾਰਾਗੜ੍ਹੀ ਮੈਮੋਰੀਅਲ ਸੈਕੰਡਰੀ ਸਕੂਲ ਟਾਉਨ ਹਾਲ ਮਾਲ ਮੰਡੀ ਵਿਖੇ ਮਨਾਇਆ ਜਾਵੇਗਾ।ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ ਅਤੇ ਵੱਖ ਵੱਖ ਸਕੂਲਾਂ ਦੇ 5 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਸਹੁੰ ਚੁਕਾਈ ਜਾਵੇਗੀ।ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚੇ ਆਪਣੇ ਸਕੂਲਾਂ ਤੋਂ ਗਰੀਨ ਦੀਵਾਲੀ ਦਾ ਸੰਦੇਸ਼ ਦਿੰਦੇ ਹੋਏ ਸਮਾਗਮ ਵਾਲੀ ਜਗ੍ਹਾ `ਤੇ ਪਹੁੰਚਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਭ ਦਾ ਫਰਜ ਬਣਦਾ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਦੀਵਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਜਾਗਰੂਕ ਕਰੀਏ।
ਸੰਘਾ ਨੇ ਦੱਸਿਆ ਕਿ ਜਿਹੜੀਆਂ ਸੰਸਥਾਵਾਂ/ਸਕੂਲ/ਕਲੱਬਜ਼ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਵਧੀਆ ਸੰਦੇਸ਼ ਪਹੁੰਚਾਉਣਗੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਗਰੀਨ ਦੀਵਾਲੀ ਮਨਾਉਣ ਵਿੱਚ ਸਹਿਯੋਗ ਦੇਣਗੀਆਂ ਨੂੰ ਕਮੇਟੀ ਬਣਾ ਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਤ ਵੀ ਕੀਤਾ ਜਾਵੇਗਾ।ਦੱਸਿਆ ਕਿ ਜਿੰਨਾਂ ਮੁਹੱਲਿਆਂ ਵਿੱਚ ਵੀ ਇਸ ਵਾਰ ਘੱਟ ਪ੍ਰਦੂਸ਼ਣ ਵਾਲੇ ਪਟਾਖੇ ਜਾਂ ਗਰੀਨ ਦੀਵਾਲੀ ਮਨਾਈ ਜਾਵੇਗੀ ਨੂੰ ਵੀ ਜਿਲ੍ਹਾ ਪ੍ਰਸਾਸ਼ਨ ਸਨਮਾਨਿਤ ਕਰੇਗਾ।
ਡੀ.ਸੀ ਸੰਘਾ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਵਾਲੇ ਦਿਨ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ।ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਸਮੇਂ ਤੋਂ ਪਹਿਲਾਂ ਜਾਂ ਬਾਅਦ ਪਟਾਖੇ ਚਲਾਏਗਾ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਪਟਾਖਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬੱਚਿਆਂ ਨੂੰ ਜਾਗਰੂਕ ਕਰਾਉਣ ਲਈ ਵੱਖ ਵੱਖ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।ਬੱਲ ਨੇ ਕਿਹਾ ਕਿ ਜਿਲੇ੍ਹ ਦੇ ਸਾਰੇ ਸਕੂਲਾਂ ਵਿੱਚ ਸਵੇਰ ਦੀ ਅਸੈਂਬਲੀ ਸਮੇਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਆਮ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਨ ਸਬੰਧੀ ਸਮਾਜ ਸੇਵੀ ਸੰਸਥਾਵਾਂ ਅਤੇ ਅਗਾਂਹਵਧੂ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਰਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਂਊਂਸਮੈਂਟ ਵੀ ਕਰਵਾਈਆਂ ਜਾਣਗੀਆਂ ਅਤੇ ਆਂਗਨਵਾੜੀ ਵਰਕਰਾਂ ਰਾਹੀਂ ਵੀ ਪਿੰਡਾਂ ਦੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਅਤੇ ਇਸ ਨਾਲ ਦੁਰਘਟਨਾਵਾਂ ਵੀ ਹੁੰਦੀਆਂ ਹਨ।ਪਟਾਕਿਆਂ ਦੇ ਗੰਦੇ ਧੂਏਂ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ।ਉਹਨਾਂ ਨੇ ਜ਼ਿਲ੍ਹੇ ਦੇ ਨਾਗਿਰਕਾਂ ਨੂੰ ਅਪੀਲ ਕੀਤੀ ਕਿ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਗਰੀਨ ਦੀਵਾਲੀ ਮਨਾਉਣ ਵਿਚ ਸਹਿਯੋਗ ਦਿੱਤਾ ਜਾਵੇ ।
Punjab Post Daily Online Newspaper & Print Media