ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ
ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਪ੍ਰਚਾਰਨਾ ਹੈ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਇਕ ਥਾਂ ਕਰਨ ਲਈ ਭਾਰਤ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸਮੁੱਚੀਆਂ ਪੰਥਕ ਧਿਰਾਂ ਨੂੰ ਵੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ, ਧਿਰ ਜਾਂ ਸਰਕਾਰ ਹੋਵੇ ਸਭ ਨੂੰ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਲੌਂਗੋਵਾਲ ਨੇ ਇਸ ਇਤਿਹਾਸਕ ਮੌਕੇ ’ਤੇ ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸੱਦਣ ਦੀ ਗੱਲ ਵੀ ਆਖੀ। ਲੌਂਗੋਵਾਲ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਆਰੰਭ ਕੀਤੇ ਗਏ ਪਹਿਲੇ ਕਾਰਜਾਂ ਨੂੰ ਜਾਰੀ ਰੱਖਣ ਦੇ ਨਾਲ-ਨਾਲ ਇਸ ਵਿਚ ਸਮੇਂ ਅਤੇ ਲੋੜ ਅਨੁਸਾਰ ਤਬਦੀਲੀਆਂ ਕਰਕੇ ਗੁਰੂ ਸਾਹਿਬਾਨ ਦਾ ਫ਼ਲਸਫ਼ਾ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਨੌਜੁਆਨਾਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ।
ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ ਤੇ ਮਹਿੰਦਰ ਸਿੰਘ ਹੁਸੈਨਪੁਰ ਦੇ ਹਾਊਸ ’ਚੋਂ ਚਲੇ ਜਾਣ ਸਬੰਧੀ ਸਵਾਲ ਦੇ ਜਵਾਬ ਵਿਚ ਲੌਂਗੋਵਾਲ ਨੇ ਕਿਹਾ ਕਿ ਹਾਊਸ ਦੀ ਇਕ ਮਰਿਯਾਦਾ ਹੈ ਅਤੇ ਉਸ ਅਨੁਸਾਰ ਹੀ ਕਿਸੇ ਨੂੰ ਬੋਲਣ ਦਾ ਹੱਕ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੈਂਬਰ ਆਰੰਭਤਾ ਦੌਰਾਨ ਸ਼ੋਕ ਮਤੇ ਪੜ੍ਹੇ ਜਾਣ ਸਮੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਮਤਾ ਲਿਆਉਣ ਦੀ ਮੰਗ ਕਰ ਰਹੇ ਸਨ, ਜਦਕਿ ਇਨ੍ਹਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਇਹ ਮਤੇ ਅਹੁਦੇਦਾਰਾਂ ਦੀ ਚੋਣ ਉਪਰੰਤ ਅਖ਼ੀਰ ਵਿਚ ਪੇਸ਼ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੈਂਸ ਅਤੇ ਹੁਸੈਨਪੁਰ ਨੇ ਹਾਊਸ ’ਚੋਂ ਬਾਹਰ ਜਾਣ ਸਮੇਂ ਨਾਅਰੇਬਾਜ਼ੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਦਾ ਖ਼ਿਆਲ ਵੀ ਨਹੀਂ ਰੱਖਿਆ।
Punjab Post Daily Online Newspaper & Print Media