20 ਨਵੰਬਰ ਤੋਂ ਸ਼ੁਰੂ ਹੋਵੇਗਾ ਮੇਲਾ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – 20 ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਅਜਨਾਲਾ ਰਜਤ ਉਬਰਾਏ ਵਲੋਂ ਜਿਲ੍ਹੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੇਲੇ ਵਿਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਵਿਆਪਕ ਪ੍ਰਬੰਧ ਕੀਤੇ ਜਾਣ।ਉਨਾਂ ਦੱਸਿਆ ਕਿ ਮੇਲੇ ਲਈ ਵਿਸ਼ੇਸ਼ ਬੱਸਾਂ ਚਲਾਈਆਂ ਜਾਣ, ਤਾਂ ਜੋ ਲੋਕ ਅਸਾਨੀ ਨਾਲ ਰਾਮਤੀਰਥ ਵਿਖੇ ਪਹੁੰਚ ਸਕਣ।
ਉਬਰਾਏ ਨੇ ਲੋਕਾਂ ਦੀ ਸਹੂਲਤ ਲਈ ਮੇਲੇ ਵਾਲੀ ਥਾਂ ’ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਅਤੇ ਲੋਕਾਂ ਲਈ ਪਬਲਿਕ ਟਾਇਲਟ ਲਗਾਉਣ ਦੀ ਹਦਾਇਤ ਵੀ ਕੀਤੀ।ਉਨਾਂ ਦੱਸਿਆ ਕਿ ਰਾਮ ਤੀਰਥ ਅਤੇ ਇਸ ਦੇ ਆਲੇ-ਦੁਆਲੇ ਦੀ ਸਾਫ-ਸਫਾਈ ਕਰਵਾਉਣ ਦੇ ਨਾਲ-ਨਾਲ ਸਰੋਵਰ ਦੀ ਸਫਾਈ ਯਕੀਨੀ ਬਣਾਈ ਜਾਵੇ।
ਉਬਰਾਏ ਨੇ ਆਉਣ ਵਾਲੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨ ਦੀ ਮਰਯਾਦਾ ਕਾਇਮ ਰੱਖਣ ਅਤੇ ਸੁਰੱਖਿਆ ਪੱਖੋਂ ਆਪਣਾ ਤੇ ਆਪਣੇ ਬੱਚਿਆਂ ਦਾ ਧਿਆਨ ਰੱਖਣ ਦੀ ਅਪੀਲ ਵੀ ਕੀਤੀ।ਉਨਾਂ ਕਿਹਾ ਕਿ ਸਰੋਵਰ ਵਿਚ ਇਸ਼ਨਾਨ ਕਰਦੇ ਵਕਤ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਅੱਗ ਵਾਲੇ ਸਾਧਨਾਂ, ਜਿਥੇ ਕਿ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੋਵੇ, ਤੋਂ ਦੂਰੀ ਬਣਾ ਕੇ ਰੱਖੀ ਜਾਵੇ।ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ, ਡੀ.ਐਸ.ਪੀ ਹਰਦੀਪ ਸਿੰਘ, ਜੀ.ਐਮ ਰਾਮਤੀਰਥ ਰਵਿੰਦਰ ਕੁਮਾਰ, ਐਕਸੀਅਨ ਜਸਬੀਰ ਸਿੰਘ ਸੋਢੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media