ਏਜੰਸੀਆਂ ਨੇ ਕੀਤੀ 6.49 ਲੱਖ ਮੀਟਰਕ ਟਨ ਦੀ ਖਰੀਦ
ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਲੰਘੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.53 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਲਦੇਵ ਰਾਜ ਵਰਮਾ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 6.49 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿੱਚੋਂ ਪਨਸਪ ਵੱਲੋਂ 2.09 ਲੱਖ ਮੀਟਰਕ ਟਨ, ਮਾਰਕਫੈਡ ਵੱਲੋਂ 1.78, ਪਨਸਪ ਵਲੋਂ 1.31, ਵੇਅਰ ਹਾਊਸ ਵੱਲੋਂ 76796 ਅਤੇ ਪੰਜਾਬ ਐਗਰੋ ਵੱਲੋਂ 53125 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਵਿੱਚੋਂ 6.33 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 1024.23 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।
Punjab Post Daily Online Newspaper & Print Media