ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਸਮੂਹ ਖ਼ਾਲਸਾ ਵਿੱਦਿਅਕ
ਸੰਸਥਾਵਾਂ ਵੱਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ 22 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ, ਜੋ ਕਿ ਖ਼ਾਲਸਾ ਕਾਲਜ ਤੋਂ ਸਵੇਰੇ 7:00 ਵਜੇ ਆਰੰਭ ਹੁੰਦਾ ਹੋਇਆ ਵੱਖ-ਵੱਖ ਪੜ੍ਹਾਅ ਤੈਅ ਕਰਦਾ ਕਰੀਬ 11:30 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਅਤੇ 550 ਸਾਲਾ ਆਗਮਨ ਦੇ ਸਬੰਧ ’ਚ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ੍ਰ. ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਖ਼ਾਲਸਾ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ ਹਨ। ਜਿਸ ’ਚ ਉਨ੍ਹਾਂ ਸਮੂਹ ਖ਼ਾਲਸਾ ਸੰਸਥਾਵਾਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਆਗਮਨ ਪੁਰਬ ਦੇ ਸਬੰਧ ’ਚ 22 ਨਵੰਬਰ ਤੋਂ ਆਰੰਭ ਹੋ ਕੇ ਸਾਰਾ ਸਾਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕੌਂਸਲ ਦੇ ਪ੍ਰਧਾਨ ਮਜੀਠੀਆ ਅਤੇ ਆਨਰੇਰੀ ਸਕੱਤਰ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਸ ਨਗਰ-ਕੀਰਤਨ ’ਚ ਸਮੂਹ ਵਿੱਦਿਆ ਅਦਾਰਿਆਂ ਦੇ ਕਰੀਬ 20000 ਵਿਦਿਆਰਥੀਆਂ ਦੇ ਨਾਲ-ਨਾਲ ਮੈਨੇਜਿੰਗ ਕਮੇਟੀ ਦੇ ਅਹੁੱਦੇਦਾਰ, ਮੈਂਬਰ ਸਾਹਿਬਾਨ, ਪ੍ਰਿੰਸੀਪਲ ਤੇ ਅਧਿਆਪਕ ਸ਼ਾਮਿਲ ਹੋਣਗੇ।ਉਨ੍ਹਾਂ ਕਿਹਾ ਕਿ ਇਹ ਨਗਰ-ਕੀਰਤਨ ਸਵੇਰੇ 7.00 ਵਜੇ ਖ਼ਾਲਸਾ ਕਾਲਜ ਤੋਂ ਆਰੰਭ ਹੋ ਕੇ ਪੁਤਲੀਘਰ, ਰੇਲਵੇ ਸਟੇਸ਼ਨ ਦੇ ਸਾਹਮਣੇ ਤੋਂ ਨਵੇਂ ਬਣੇ ਪੁੱਲ ਰਾਹੀਂ ਹਾਲ ਗੇਟ ਤੇ ਕੋਤਵਾਲੀ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇਗਾ।ਇਸ ਨਗਰ-ਕੀਰਤਨ ਦੌਰਾਨ ਕਾਲਜ ਦੇ ਵਿਦਿਆਰਥੀ, ਵਿਦਿਆਰਥਣਾਂ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖੁਸ਼ੀ ’ਚ ਕੀਰਤਨ ਦੁਆਰਾ ਗੁਰੂ-ਜਸ ਗਾਇਨ ਕਰਨਗੇ।
ਉਨ੍ਹਾਂ ਕਿਹਾ ਕਿ ਦੱਸਿਆ ਕਿ ਕਾਲਜ ਦਾ ਮੁੱਖ ਉਦੇਸ਼ ਆਧੁਨਿਕ ਵਿਦਿਆ ਦੇ ਨਾਲ-ਨਾਲ ਗੁਰੂ ਸਾਹਿਬਾਨ ਦੇ ਜੀਵਨ, ਫ਼ਲਸਫ਼ੇ ਤੇ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ।ਇਸ ਕਰਕੇ 550 ਸਾਲਾਂ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਸਬੰਧੀ ਵੱਖ-ਵੱਖ ਅਦਾਰਿਆਂ ’ਚ ਕਈ ਸੈਮੀਨਾਰ, ਕੀਰਤਨ ਅਤੇ ਧਾਰਮਿਕ ਮੁਕਾਬਲੇ ਕਰਵਾਉਣ ਦੇ ਕਈ ਪ੍ਰੋਗਰਾਮ ਉਲੀਕੇ ਗਏ ਹਨ।