ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪ੍ਰਾਪਤ 7647 ਅਰਜੀਆਂ ਚੋਂ 1293 ਨੂੰ ਮੌਕੇ ਤੇ ਹੀ ਲਾਭ ਦਿੱਤੇ ਗਏ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਠਿਆਲਾ, ਉਦੋਕੇ ਖੁਰਦ, ਵੈਰੋਕੇ, ਵੇਰਕਾ ਅਤੇ ਰਮਦਾਸ ਵਿਖੇ ਬੀਤੇ ਦਿਨੀਂ ਕੈਂਪ ਲਗਾਏ ਗਏ ਸਨ।ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਜਿਹੜੇ ਲਾਭਪਾਤਰੀ ਸਰਕਾਰੀ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਰਜਿਸਟਰਡ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਦੇਣਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲੇ੍ਹ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਸੰਘਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 7647 ਲਾਭਪਾਤਰੀਆਂ ਨੁੰ ਰਜਿਸਟਰ ਕੀਤਾ ਗਿਆ ਹੈ ਜਿੰਨਾਂ ਵਿੱਚੋਂ 1678 ਬਿਨੈਕਾਰ ਯੇਗ ਪਾਏ ਗਏ ਹਨ ਅਤੇ ਮੌਕੇ ਤੇ ਹੀ 1293 ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5153 ਬਿਨੈਕਾਰਾਂ ਦੇ ਪੈਡਿੰਗ ਕੇਸਾਂ ਨੂੰ ਵੈਰੀਫਿਕੇਸ਼ਨ ਕਰਨ ਉਪਰੰਤ ਆਉਂਦੇ ਕੁਝ ਹੀ ਦਿਨਾਂ ਵਿੱਚ ਬਣਦਾ ਲਾਭ ਦੇ ਦਿੱਤਾ ਜਾਵੇਗਾ।ਸੰਘਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 816 ਬਿਨੈਕਾਰ ਆਯੋਗ ਪਾਏ ਗਏ ਹਨ ਕਿਉਂਕਿ ਉਹ ਸਰਕਾਰੀ ਸਕੀਮਾਂ ਦੇ ਨਿਯਮਾਂ ਦੇ ਅਨਕੂਲ ਨਹੀਂ ਪਾਏ ਗਏ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਦੌਰਾ ਕੀਤਾ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮਿਲਣ ਵਾਲੇ ਲਾਭਾਂ ਦਾ ਲਾਭਪਾਤਰੀਆਂ ਨੂੰ ਸਹੂਲਤਾਂ ਸਬੰਧੀ ਲੋਕਾਂ ਨਾਲ ਮਿਲ ਕੇ ਜਾਣਕਾਰੀ ਹਾਸਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਰ ਦੁਰਾਡੇ ਦੇ ਲੋਕ ਸਾਧਨਾਂ ਦੀ ਕਮੀ ਹੋਣ ਕਾਰਨ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਸਨ।ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਇਕ ਛੱਤ ਹੇਠ ਇਕੱਠੇ ਕਰਕੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣਾ ਹੈ।ਇਸ ਮੌਕੇ ਉਨ੍ਹਾਂ ਨਿੱਜੀ ਤੌਰ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ।
ਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਹਰੇਕ ਸਟਾਲ ਦੇ ਸਬੰਧਤ ਵਿਭਾਗ ਦੇ ਪ੍ਰਤੀਨਿਧ ਫਾਰਮ ਦੇ ਕੇ ਬਿਠਾਏ ਗਏ ਹਨ ਤਾਂ ਜੋ ਕੈਂਪ ਵਿੱਚ ਆਉਣ ਵਾਲੇ ਲਾਭਪਾਤਰੀ ਨੂੰ ਲਾਭ ਮਿਲ ਸਕੇ।ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਸ਼ੂ ਪਾਲਣ, ਡੇਅਰੀ ਵਿਕਾਸ, ਸਿਖਿਆ, ਪਾਵਰਕਾਮ, ਉਦਯੋਗ, ਲੇਬਰ, ਖੇਤੀਬਾੜੀ, ਭਲਾਈ, ਰੁਜ਼ਗਾਰ, ਸਿਹਤ, ਸਮਾਜਿਕ ਸੁਰੱਖਿਆ ਤੇ ਮਾਲ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਵੀ ਸਟਾਲ ਲੱਗੇ ਹੋਏ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਰਜਿਸਟਰਡ ਕੀਤੇ ਗਏ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਲਾਭ ਦੇਣ ਦੀ ਕਾਰਵਾਈ ਨੂੰ ਜਲਦੀ ਮੁਕੰਮਲ ਕਰਨ।
ਇਸ ਮੌਕੇ ਐਸ.ਡੀ.ਐਮ ਬਾਬਾ ਬਕਾਲਾ ਦੀਪਕ ਭਾਟੀਆ, ਤਹਿਸੀਲਦਾਰ ਬਾਬਾ ਬਕਾਲਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਰੋਬਿਨਜੀਤ ਕੌਰ ਅਤੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …