ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ, ਜਦਕਿ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਕੂਲੀ ਵਿਦਿਆਰਥੀਆਂ ਦੇ ਬੈਂਡ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖ਼ੂਬੀ ਜੌਹਰ ਵੀ ਖਿੱਚ ਦਾ ਕੇਂਦਰ ਬਣੇ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਦਾਲ ਮੰਡੀ, ਚੌਂਕ ਭਾਈ ਮਤੀ ਦਾਸ, ਬਜ਼ਾਰ ਬਾਂਸਾਂ ਵਾਲਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਅਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼ਹਿਰ ਦੀਆਂ ਸੰਗਤਾਂ, ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਬਿਜੈ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਪਰਮਜੀਤ ਸਿੰਘ, ਸਤਨਾਮ ਸਿੰਘ ਮਾਂਗਾਸਰਾਏ ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media