
ਅਮ੍ਰਿਤਸਰ 29 ਅਗਸਤ (ਗੁਰਪ੍ਰੀਤ ਸਿੰਘ)–ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿਗ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ ਅਤੇ ਸ. ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਪੰਜ ਮੈਂਬਰੀ ਵਫਦ ਦਿੱਲੀ ਸਥਿਤ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਗ੍ਰਾਹਮੇ ਮੋਰਟਨ ਨੂੰ ਮਿਲਿਆ ਤੇ ਸ. ਦਵਿੰਦਰ ਸਿੰਘ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਵਫਦ ਦੇ ਮੈਂਬਰਾਂ ਨੇ ਹਾਈ ਕਮਿਸ਼ਨਰ ਨੂੰ ਦਿੱਤੇ ਮੈਮੋਰੰਡਮ ‘ਚ ਦੱਸਿਆ ਹੈ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਨਿਊਜ਼ੀਲੈਂਡ ਦੇ ਪਾਪਾਟੋਟੋ ਸ਼ਹਿਰ ਵਿੱਚ ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਸ. ਦਵਿੰਦਰ ਸਿੰਘ ਆਪਣੀ ਪਤਨੀ ਨੂੰ ਡਿਊਟੀ ਖਤਮ ਹੋਣ ਉਪਰੰਤ ਲੈਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਉਸ ਨੂੰ ਘੇਰ ਕੇ ਉਸ ਤੇ ਹਮਲਾ ਕਰ ਦਿੱਤਾ ਜਿਸ ਵਿੱਚ ਉਸ ਦੀ ਜਾਨ ਚਲੀ ਗਈ।ਵਫਦ ਦੇ ਮੈਂਬਰਾਂ ਨੇ ਹਾਈ ਕਮਿਸ਼ਨਰ ਨੂੰ ਦੱਸਿਆ ਹੈ ਕਿ 9ਫ਼11 ਦੇ ਹਮਲੇ ਤੋਂ ਬਾਅਦ ਯੂਰਪ ਦੇਸ਼ਾਂ ਵਿੱਚ ਸਿੱਖਾਂ ਨੂੰ ਗਲਤ ਪਹਿਚਾਣ ਕਰਕੇ ਉਨ੍ਹਾਂ ਤੇ ਹਮਲੇ ਕੀਤੇ ਜਾ ਰਹੇ ਜੋ ਗੰਭੀਰ ਚਿੰਤਾ ਦਾ ਵਿਸ਼ਾ ਹਨ।ਉਨ੍ਹਾਂ ਕਿਹਾ ਕਿ ਸਾਬਤ ਸੂਰਤ ਭਾਵ ਦਾਹੜੀ ਅਤੇ ਸਿਰ ਤੇ ਦਸਤਾਰ ਹੋਣ ਕਰਕੇ ਸਿੱਖਾਂ ਨੂੰ (ਮੁਸਲਮਾਨ) ਸਮਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ‘ਚ ਮਿਲਣ ਗਏ ਵਫਦ ਨੁੰ ਹਾਈ ਕਮਿਸ਼ਨਰ ਗ੍ਰਾਹਮੇ ਮੋਰਟਨ ਨੇ ਦੱਸਿਆ ਕਿ ਸ. ਦਵਿੰਦਰ ਸਿੰਘ ‘ਤੇ ਨਸਲੀ ਹਮਲਾ ਨਹੀਂ ਹੋਇਆ ਹੈ ਬਲਕਿ ਇਹ ਪਰਿਵਾਰਕ ਝਗੜਾ ਸੀ। ਸ. ਦਵਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਨਿਊਜ਼ੀਲੈਂਡ ਦੇ ਕਾਨੂੰਨ ਮੁਤਾਬਿਕ ਕਾਤਲਾਂ ਨੁੰ ਸਜ਼ਾ ਦਿੱਤੀ ਜਾਵੇਗੀ।ਉਨ੍ਹਾਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਲਈ ਦਿੱਤਾ ਸੱਦਾ ਨਿਮਰਤਾ ਨਾਲ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਇਸ ਮੁਕਦਸ ਅਸਥਾਨ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਆਉਣਗੇ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਨਿਊਜ਼ੀਲੈਂਡ ਦੀ ਤਰੱਕੀ ਵਿੱਚ ਸਿੱਖ ਭਾਈਚਾਰੇ ਦਾ ਅਹਿਮ ਰੋਲ ਹੈ।ਬਹੁਤ ਸਾਰੇ ਸਿੱਖ ਇਥੇ ਕਾਰੋਬਾਰੀ ਹਨ ਸਿੱਖ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਮਨੁੱਖੀ ਕਦਰਾਂ-ਕੀਮਤਾਂ ਤੇ ਇਨਸਾਫ ਲਈ ਤੱਤਪਰ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਧਾਰਮਿਕ ਸੰਸਥਾ ਹੈ।ਵਿਸ਼ਵ ‘ਚ ਵਸਦੇ ਸਿੱਖ ਭਾਈਚਾਰੇ ਦੀ ਤਰਜਮਾਨੀ ਕਰਦੀ ਹੈ ਜੇਕਰ ਕਿਸੇ ਸਿੱਖ ਨੁੰ ਕੋਈ ਮੁਸ਼ਕਿਲ ਜਾਂ ਕੋਈ ਕੌਮੀ ਮਸਲਾ ਹੁੰਦਾ ਹੈ ਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦਾ ਹੱਲ ਕਰਨ ਲਈ ਯਤਨ ਕਰਦੀ ਹੈ।ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਨਿਊਜ਼ੀਲੈਂਡ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।