Sunday, December 22, 2024

 ਕੁਵੈਤ ਵਿੱਚ ਗ੍ਰਿਫਤਾਰ ਪੰਜਾਬੀਆਂ ਦਾ ਮਸਲਾ ਸੁਸ਼ਮਾ ਸਵਰਾਜ ਕੋਲ ਉਠਾਵਾਂਗਾ- ਬਾਦਲ

ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦਾ ਤਿੰਨ ਦਿਨਾਂ ਧੰਨਵਾਦੀ ਦੌਰਾ ਸ਼ੁਰੂ

PPN30081401

ਬਠਿੰਡਾ/ਤਲਵੰਡੀ ਸਾਬੋ 30 ਅਗਸਤ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੁਵੈਤ ਵਿੱਚ ਝਗੜੇ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤੇ 24 ਪੰਜਾਬੀ ਕਾਮਿਆਂ ਦੀ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਉਹ ਵਿਦੇਸ਼ੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਗੱਲਬਾਤ ਕਰਕੇ ਇਨ੍ਹਾਂ ਪੰਜਾਬੀਆਂ ਨੂੰ ਫੌਰੀ ਤੌਰ ‘ਤੇ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਭਾਰਤ ਸਰਕਾਰ ਵੱਲੋਂ ਇਸ ਮਾਮਲੇ ਨੂੰ ਕੂਟਨੀਤਿਕ ਪੱਧਰ ‘ਤੇ ਉਠਾਉਣ ਦੀ ਅਪੀਲ ਕਰਨਗੇ। ਅੱਜ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਤਿੰਨ ਦਿਨਾਂ ਧੰਨਵਾਦੀ ਦੌਰੇ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਦੱਸਿਆ ਕਿ ਬੀਤੇ ਦਿਨ ਕੇਂਦਰੀ ਵਿਦੇਸ਼ੀ ਮਾਮਲਿਆਂ ਦੇ ਸਕੱਤਰ ਨੇ ਉਨ੍ਹਾਂ ਨੂੰ ਝਗੜੇ ਵਿੱਚ ਜ਼ਖਮੀ ਹੋਏ ਪੰਜਾਬੀਆਂ ਦੇ ਇਲਾਜ ਅਤੇ ਗ੍ਰਿਫਤਾਰ ਕੀਤੇ ਪੰਜਾਬੀਆਂ ਦੀ ਮਦਦ ਲਈ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਤਾਜ਼ਾ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੂਜੇ ਮੁਲਕਾਂ ਨਾਲ ਸਬੰਧਤ ਮਾਮਲੇ ਕੇਂਦਰ ਸਰਕਾਰ ਹੀ ਉਠਾ ਸਕਦੀ ਹੈ ਜਦਕਿ ਸੂਬਿਆਂ ਦਾ ਇਸ ਵਿੱਚ ਕੋਈ ਦਖ਼ਲ ਨਹੀਂ ਹੁੰਦਾ ਜਿਸ ਕਰਕੇ ਉਹ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੰਜਾਬੀ ਕਾਮਿਆਂ ਦੀ ਸੁਰੱਖਿਆ ਹਰ ਹਾਲ ਵਿੱਚ ਯਕੀਨੀ ਬਣਾਉਣ ਦੀ ਅਪੀਲ ਕਰਨਗੇ।
ਤਲਵੰਡੀ ਸਾਬੋ ਵਿੱਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਹਾਰ ਮਗਰੋਂ ਕਾਂਗਰਸ ਦੇ ਸੂਬਾਈ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਪਾਰਟੀ ਅੰਦਰੋਂ ਉੱਠੀਆਂ ਬਗਾਵਤੀ ਸੁਰਾਂ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਜਿਸ ਕਰਕੇ ਉਹ ਇਸ ਮਾਮਲ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।ਧੰਨਵਾਦੀ ਦੌਰੇ ਦੌਰਾਨ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ. ਬਾਦਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਵਿਕਾਸ ਪ੍ਰਾਜੈਕਟਾਂ ਦੀ ਮਿਆਰਤਾ ਤੇ ਪਾਰਦਰਸ਼ਤਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਕ ਮਹੀਨੇ ਬਾਅਦ ਇਨ੍ਹਾਂ ਪ੍ਰਾਜੈਕਟਾਂ ਦੀ ਨਿਰੀਖਣ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਾਹਮਣੇ ਆਈ ਤਾਂ ਇਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਪੰਚਾਇਤਾਂ ਅਤੇ ਵਾਰਡਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲਾਭਕਾਰੀ ਸਕੀਮਾਂ ਦੇ ਸਰਵੇ ਜਾਂ ਗਰਾਂਟਾਂ ਦੀ ਵੰਡ ਮੌਕੇ ਕਿਸੇ ਨਾਲ ਪੱਖਪਾਤ ਨਾ ਹੋਵੇ ਤਾਂ ਕਿ ਇਨ੍ਹਾਂ ਸਕੀਮਾਂ ਦਾ ਫਾਇਦਾ ਹਰੇਕ ਨਾਗਰਿਕ ਨੂੰ ਮਿਲ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਦੇ 13-13 ਵਾਰਡਾਂ ਦੇ ਲੋਕਾਂ ਦੇ ਮਸਲਿਆਂ ਨੂੰ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਸ੍ਰੀ ਜੀਤਮਹਿੰਦਰ ਸਿੰਘ ਸਿੱਧੂ ਨੂੰ ਬਹੁਤ ਵੱਡੀ ਲੀਡ ਨਾਲ ਜਿਤਾ ਕੇ ਹਲਕਾ ਵਾਸੀਆਂ ਨੇ ਨਵਾਂ ਇਤਿਹਾਸ ਸਿਰਜਿਆ ਹੈ। ਸ. ਬਾਦਲ ਨੇ ਕਿਹਾ ਕਿ ਇਸ ਜਿੱਤ ਨਾਲ ਸਮੁੱਚੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਜਿੱਤ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਜਿੱਤ ਹੈ। ਮੁੱਖ ਮੰਤਰੀ ਨੇ ਅੱਜ ਸਵੇਰੇ ਇੱਥੋਂ ਦੇ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦਾ ਵੀ ਦੌਰਾ ਕਰਕੇ ਸਕੂਲ ਨੂੰ ਲੋੜੀਂਦੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਦਸਮੇਸ਼ ਸਾਹਿਬ ਅਕੈਡਮੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾ-ਮੁਕਤ) ਜੇ.ਐਸ. ਘੁੰਮਣ ਨੂੰ ਵੀ ਇਸ ਸਕੂਲ ਨੂੰ ਉਚ ਕੋਟੀ ਦੀ ਵਿਦਿਅਕ ਸੰਸਥਾ ਬਣਾਉਣ ਲਈ ਆਪਣੇ ਸੁਝਾਅ ਦੇਣ ਲਈ ਆਖਿਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸਿੰਕਦਰ ਸਿੰਘ ਮਲੂਕਾ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਜਸਟਿਸ (ਸੇਵਾ-ਮੁਕਤ) ਨਿਰਮਲ ਸਿੰਘ, ਦਰਸ਼ਨ ਸਿੰਘ ਕੋਟਫੱਤਾ, ਪ੍ਰੇਮ ਮਿੱਤਲ, ਚੇਤਿੰਨ ਸਿੰਘ ਸਮਾਓਂ (ਸਾਰੇ ਵਿਧਾਇਕ), ਅਕਾਲੀ ਆਗੂ ਅਮਰਜੀਤ ਸਿੰਘ ਖਾਨਾ, ਬਠਿੰਡਾ ਦੇ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ, ਡੀ.ਆਈ.ਜੀ. ਅਮਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਅਤੇ ਜ਼ਿਲ੍ਹਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply