ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ’ਚ ਪੈਂਦੇ ਭੋਪਾਲ ਤੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੇ ਦੋ ਸੌ ਮੈਂਬਰਾਂ ਦੇ ਇਕ ਜਥੇ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਪੈਂਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤਾ ਗਿਆ।ਗਿਆਨੀ ਦਲੀਪ ਸਿੰਘ ਦੀ ਅਗਵਾਈ ਵਿਚ ਇਥੇ ਪਹੁੰਚੇ ਇਨ੍ਹਾਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਬੱਸਾਂ ਰਾਹੀਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਰਵਾਨਾ ਕੀਤਾ।ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਭਾਈਚਾਰੇ ਦੀ ਮੱਦਦ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਸਿੱਖ ਵਿਰਸੇ ਅਤੇ ਕਦਰਾਂ-ਕੀਮਤਾਂ ਨਾਲ ਜੋੜੀ ਰੱਖਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਪੰਜਾਬ ’ਚ ਪੈਂਦੇ ਗੁਰ-ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਜਥੇ ਲਈ ਟਰੇਨ ਦੀਆਂ ਟਿਕਟਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਥਾਨਕ ਪੱਧਰ ’ਤੇ ਗੁਰਧਾਮਾਂ ਦੇ ਦਰਸ਼ਨਾਂ ਸਮੇਂ ਬੱਸਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਵਾਰ ਪੁੱਜੇ ਜਥੇ ਵਿਚ ਦੋ ਸੌ ਤੋਂ ਵੱਧ ਸੰਗਤਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਗੋਇੰਦਵਾਲ ਸਿੰਘ, ਸ੍ਰੀ ਤਰਨ ਤਾਰਨ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ (ਹਰਿਆਣਾ) ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਦੇ ਦਰਸ਼ਨ ਕਰਵਾਏ ਜਾਣਗੇ।ਜਥੇ ਨਾਲ ਪਹੁੰਚੇ ਹਰਵਿੰਦਰ ਸਿੰਘ, ਕਿਰਪਾਲ ਸਿੰਘ, ਜੋਗਿੰਦਰ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਜਸਬੀਰ ਕੌਰ, ਬੀਬੀ ਹਰਕੀਰਤ ਕੌਰ ਤੋਂ ਇਲਾਵਾ ਰੇਸ਼ਮ ਸਿੰਘ ਜੌੜਾ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media