ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਨੌਸ਼ਹਿਰਾ ਨਲਬਦਾ ਵਿਖੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ `ਚ ਖੇਤ ਦਿਵਸ ਮਨਾਇਆ ਗਿਆ।ਜਿਸ ਵਿਚ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ(ਸ.ਮ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਕੈਂਪ ਮੌਕੇ ਹੋਰਨਾਂ ਤੋਂ ਇਲਾਵਾ ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ, ਰਾਜ ਕੁਮਾਰ ਸੀਨੀਅਰ ਤਕਨੀਸ਼ਨ, ਸੁਦੇਸ਼ ਕੁਮਾਰ, ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ, ਜਗਦੀਸ਼ ਸਿੰਘ, ਜੀਵਨ ਲਾਲ, ਵਿਜੇ ਕੁਮਾਰ, ਰਘਬੀਰ ਸਿੰਘ, ਸਾਹਿਲ ਮਹਾਜਨ, ਅਰਮਾਨ ਮਹਾਜਨ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ, ਸੁਖਜਿੰਦਰ ਸਿੰਘ ਸਾਬਕਾ ਸਰਪੰਚ, ਹਰਮਨਜੀਤ ਸਿੰਘ, ਬਖਸ਼ੀਸ਼ ਸਿੰਘ, ਸੁਰਜੀਤ ਸਿੰਘ, ਗੌੁਰਵ ਕੁਮਾਰ ਸਮੇਤ ਵੱਡੀ ਗਿਣਤੀ `ਚ ਕਿਸਾਨ ਹਾਜ਼ਰ ਸਨ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਘਰੇਲੂ ਪੱਧਰ ਤੇ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਘੱਟੋ-ਘੱਟ ਵਰਤੋਂ ਕਰਕੇ ਦਾਲਾਂ ਅਤੇ ਸਬਜ਼ੀਆਂ ਪੈਦਾ ਕਰਨੀਆਂ ਚਾਹੀਦੀਆਂ ਹਨ।ਉਨਾਂ ਕਿਹਾ ਕਿ ਖੁਰਾਕ ਫਸਲਾਂ ਨੂੰ ਦੇਣ ਦੀ ਬਿਜਾਏ, ਖੇਤਾਂ ਦੀ ਮਿੱਟੀ ਨੂੰ ਖੁਰਾਕ ਦੇਣੀ ਚਾਹੀਦੀ ਹੈ, ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ।ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਜ਼ਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ, ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਜੋ ਵੀ ਕਿਸਾਨ ਸਮੂਹ ਬਣਾ ਕੇ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਖ੍ਰੀਦਣੀ ਚਾਹੁੰਦਾ ਹੈ, ਉਹ 31 ਮਾਰਚ 2019 ਤੱਕ ਬਿਨੈ ਪੱਤਰ ਸਥਾਨਕ ਖੇਤੀਬਾੜੀ ਦਫਤਰ ਵਿੱਚ ਦੇ ਸਕਦਾ ਹੈ।
ਡਾ. ਮਨਦੀਪ ਕੌਰ ਨੇ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ।ਗੁਰਦਿੱਤ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦਾ ਛਿੜਕਾਅ ਕਰਦੇ ਸਮੇਂ ਸਹੀ ਨੋਜ਼ਲ, ਦਵਾਈ ਅਤੇ ਸਮਾਂ ਸਹੀ ਹੋਣਾ ਚਾਹੀਦਾ।ਸੁਖਜਿੰਦਰ ਸਿੰਘ ਸਾਬਕਾ ਸਰਪੰਚ ਨੇ ਕਿਹਾ ਕਿ ਇਸ ਇਲਾਕੇ ਦੇ ਖੇਤਾਂ ਵਿਚ ਪੱਥਰ ਹੋਣ ਕਾਰਨ ਹੈਪੀ ਸੀਡਰ ਚਲਾਉਣ ਵਿੱਚ ਮੁਸ਼ਕਲ ਆਉਂਦੀ ਹੈ।ਉਨਾਂ ਮੰਗ ਕੀਤੀ ਕਿ ਅਜਿਹੀ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾਵੇ ਜਿਸ ਨਾਲ ਛੋਟੇ ਛੋਟੇ ਪੱਥਰ ਖੇਤਾਂ ਵਿੱਚੋਂ ਚੁੱਕੇ ਜਾ ਸਕਣ।ਬਲਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਗੌਰਵ ਕੁਮਾਰ ਨੇ ਹੈਪੀ ਸੀਡਰ ਨਾਲ ਬੀਜੀ ਕਣਕ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media