Thursday, February 26, 2026

ਵਿਜੇ ਇੰਦਰ ਸਿੰਗਲਾ ਨੇ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ, ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਸਹੁੰ

ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਹੇਠਲੇ ਪੱਧਰ ਤੱਕ ਪਹੁੰਚਾਉਣ ’ਚ ਪੰਚਾਇਤੀ ਰਾਜ ਸੰਸਥਾਵਾਂ ਦਾ ਰੋਲ ਅਹਿਮ

PUNJ1101201913ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੇ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੌਜੀ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਥਾਨਕ ਰਿਜ਼ੌਰਟ ਵਿਖੇ ਭਰਵੇਂ ਇਕੱਠ ਦੌਰਾਨ ਬਠਿੰਡਾ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਭਾਰਤੀ ਸੰਵਿਧਾਨ ਤਹਿਤ ਮਿਲੀਆਂ ਜ਼ਿੰਮੇਵਾਰੀਆਂ ਨੂੰ ਨਿਸ਼ਚਾ-ਪੂਰਵਕ ਤੇ ਨਿਰਪੱਖਤਾ ਨਾਲ ਨਿਭਾਉਣ ਲਈ 16 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, 148 ਪੰਚਾਇਤ ਸੰਮਤੀ ਮੈਂਬਰਾਂ, 308 ਸਰਪੰਚਾਂ ਅਤੇ 2419 ਪੰਚਾਂ ਨੂੰ ਸਹੁੰ ਚੁਕਾਈ।ਉਨ੍ਹਾਂ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਾਂ ਦਿੰਦਿਆਂ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਨ ਅਤੇ ਸੇਵਾ ਭਾਵਨਾ ਨਾਲ ਆਪਣੇ-ਆਪਣੇ ਖੇਤਰ ਵਿੱਚ ਵਿਕਾਸ ਕਾਰਜ ਕਰਨ ਵੱਲ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੀਤੇ ਕਾਰਜਾਂ, ਲੋਕਾਂ ਦੀ ਕੀਤੀ ਸੇਵਾ ਅਤੇ ਮਿਹਨਤ ਸਦਕਾ ਸੂਬੇ ਦੇ ਲੋਕਾਂ ਨੇ ਤੁਹਾਨੂੰ ਜਿੱਤ ਦੇ ਰੂਪ ਵਿੱਚ ਇਹ ਜ਼ਿੰਮੇਵਾਰੀ ਸੌਂਪੀ ਹੈ, ਉਸੇ ਸਦਕਾ ਅੱਜ ਇਸ ਸਮਾਗਮ ਦਾ ਹਿੱਸਾ ਬਣੇ ਹਨ।ਇਸ ਲਈ ਸਭ ਦੀ ਜ਼ਿੰਮੇਵਾਰੀ ਕਿ ਇਸ ਫ਼ਰਜ਼ ਨੂੰ ਇਮਾਨਦਾਰੀ ਤੇ ਸ਼ਿੱਦਤ ਨਾਲ ਨੇਪਰੇ ਚਾੜ੍ਹਿਆ ਜਾਵੇ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹੇਠਲੇ ਪੱਧਰ ’ਤੇ ਪੰਹੁਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਨ ਵਾਲੇ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਜ਼ਿਲ੍ਹੇ ਦੇ ਲੋਕਾਂ ਵੱਲੋਂ ਉਨ੍ਹਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਬਿਨਾਂ ਕਿਸੇ ਡਰ ਤੋਂ ਸੂਬੇ ਦੀ ਤਰੱਕੀ ਵਿੱਚ ਸਹਿਯੋਗ ਦੇਣ।ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ, ‘ਤੁਸੀਂ ਲੋਕਾਂ ਨੇ ਆਪਣੇ-ਆਪਣੇ ਪਿੰਡ ਦੀ ਨੁਹਾਰ ਬਦਲਣੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੁਹਾਨੂੰ ਲੋੜੀਂਦੀਆਂ ਗਰਾਂਟਾਂ ਦੇਣ ਲਈ ਵਚਨਬੱਧ ਹੈ।ਸਰਕਾਰ ਅਤੇ ਲੋਕਾਂ ਦਰਮਿਆਨ ਪੁਲ ਦਾ ਕੰਮ ਕਰਕੇ ਤਰੱਕੀ ਦੀ ਲੀਹ ’ਤੇ ਪਏ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨੀ ਹੈ।’ ਪਿਛਲੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਦੋਂ ਧੱਕੇਸ਼ਾਹੀ ਤੇ ਜ਼ੋਰ-ਜ਼ਬਰਦਸਤੀ ਨਾਲ ਅਤੇ ਵਿਰੋਧੀ ਪਾਰਟੀਆਂ ’ਤੇ ਪਰਚੇ ਦਰਜ ਕਰਵਾ ਕੇ ਚੋਣਾਂ ਜਿੱਤੀਆਂ ਜਾਂਦੀਆਂ ਸਨ, ਪਰ ਹੁਣ ਕਾਂਗਰਸ ਦੀ ਸਰਕਾਰ ਦੌਰਾਨ ਪਿੰਡਾਂ ਵਿੱਚ ਕੀਤੇ ਕੰਮਾਂ ਸਦਕਾ, ਲੋਕਾਂ ਦੀ ਤਕਲੀਫ਼ ਨੂੰ ਆਪਣੀ ਤਕਲੀਫ਼ ਸਮਝਣ ਦੇ ਜਜ਼ਬੇ ਸਦਕਾ ਅਤੇ ਈਮਾਨਦਾਰੀ ਤੇ ਮਿਹਨਤਕਸ਼ੀ ਸਕਦਾ ਸੂਬੇ ਦੇ ਲੋਕਾਂ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦੇ ਚੁਣ ਕੇ ਇਥੇ ਭੇਜੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮਾਵਾਂ-ਭੈਣਾਂ ਨੂੰ ਮਰਦਾਂ ਦੇ ਬਰਾਬਰ ਖੜ੍ਹਨ ਦਾ ਅਧਿਕਾਰ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਵਿੱਚ 50 ਫ਼ੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕਰਕੇ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਡੇਢ ਸਾਲ ਦੌਰਾਨ ਸੂਬਾ ਸਰਕਾਰ ਨੇ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਹੈ।ਇਸ ਨਾਲ ਜਿਥੇ ਪੰਚਾਇਤਾਂ ਅਤੇ ਸਰਕਾਰ ਨੂੰ ਆਮਦਨ ਜੋ ਪਹਿਲਾਂ 270 ਕਰੋੜ ਰੁਪਏ ਹੁੰਦੀ ਸੀ, ਉਹ ਵੱਧ ਕੇ 330 ਕਰੋੜ ਰੁਪਏ ਹੋ ਗਈ ਹੈ।10.25 ਲੱਖ ਕਿਸਾਨਾਂ ਲਈ 2 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਵਾਅਦੇ ਤਹਿਤ ਹੁਣ ਤੱਕ 4.1 ਲੱਖ ਕਿਸਾਨਾਂ ਨੂੰ, ਬਿਨਾਂ ਕਿਸੇ ਭੇਦ-ਭਾਵ, ਕਰੀਬ 4000 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ।ਸਹਿਕਾਰੀ ਬੈਂਕਾਂ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਤੋਂ ਬਾਅਦ ਹੁਣ ਅਗਲੇ ਪੜਾਅ ਤਹਿਤ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਆਪਣਾ ਇਹ ਵਾਅਦਾ ਹਰ ਹਾਲ ਪੂਰਾ ਕਰੇਗੀ।ਉਨ੍ਹਾਂ ਕਿਹਾ ਕਿ ਸਰਕਾਰ ਨੇ ਗ਼ਰੀਬ ਪਰਿਵਾਰਾਂ ਦੇ ਆਟਾ-ਦਾਲ ਸਕੀਮ ਤਹਿਤ ਪੁਰਾਣੇ ਨੀਲੇ ਕਾਰਡਾਂ ਦੀ ਥਾਂ ਸਿਰਫ਼ ਇੱਕ ਸਮਾਰਟ ਕਾਰਡ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਪੰਚਾਇਤੀ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਨ ਤਾਂ ਜੋ ਗ਼ਰੀਬ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੇ ਸਰਕਾਰ ਦੇ ਵਾਅਦੇ ਨੂੰ ਛੇਤੀ ਤੋਂ ਛੇਤੀ ਅਮਲੀਜਾਮਾ ਪਹਿਨਾਇਆ ਜਾ ਸਕੇ।
ਇਸ ਮੌਕੇ ਭੁੱਚੋ ਮੰਡੀ ਤੋਂ ਕਾਂਗਰਸ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਬਠਿੰਡਾ ਸ਼ਹਿਰੀ ਕਾਂਗਰਸ ਪ੍ਰਧਾਨ ਅਰੁਣ ਵਧਾਵਨ, ਦਿਹਾਤੀ ਕਾਂਗਰਸ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ, ਸੀਨੀਅਰ ਕਾਂਗਰਸ ਆਗੂ ਨਰਿੰਦਰ ਸਿੰਘ ਭੁਲੇਰੀਆ, ਲਖਵਿੰਦਰ ਸਿੰਘ ਲੱਖਾ, ਜਨਰਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਅਸ਼ੋਕ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਨੇ ਵੀ ਸੰਬੋਧਨ ਕੀਤਾ। ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਮੁਕਤ ਕਰਨ ਲਈ ਪਿਛਲੇ ਵਰ੍ਹੇ 23 ਮਾਰਚ, 2018 ਨੂੰ ਸ਼ਹੀਦ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲਕਦਮੀ ਡੈਪੋ (ਨਸ਼ਾ ਰੋਕਥਾਮ ਅਫ਼ਸਰਾਂ) ਦੀ ਸਮੁੱਚੇ ਅਹੁਦੇਦਾਰਾਂ ਸਮੇਤ ਸਮੁੱਚੇ ਇਕੱਠ ਨੂੰ ਸਹੁੰ ਚੁਕਾਈ ਗਈ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ, ਆਈ.ਜੀ ਐਮ.ਐਸ ਫ਼ਾਰੂਕੀ, ਐਸ.ਐਸ.ਪੀ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸਾਕਸ਼ੀ ਸਾਹਨੀ ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ।
 

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply