Thursday, February 26, 2026

ਮੁੱਖ ਮੰਤਰੀ ਸੂਬੇ ਦੀ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ ਦੇ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣਗੇ

ਸੂਬੇ ਦੇ ਖ਼ਰੀਦ ਕਾਰਜਾਂ ਤੋਂ ਪੰਜਾਬ ਐਗਰੋ ਨੂੰ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ
ਚੰਡੀਗੜ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਵੱਲੋਂ ਸਿਲਸਲੇਵਾਰ ਢੰਗ ਨਾਲ Captain Amrenderਪਿੱਛੇ ਹਟਣ `ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ ਅਤੇ ਖ਼ਰੀਦ ਵਿੱਚ ਕੇਂਦਰੀ ਏਜੰਸੀ ਦਾ ਹਿੱਸਾ ਵਧਾਉਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਆਉਂਦੇ ਹਾੜੀ ਦੇ ਸੀਜ਼ਨ ਵਾਸਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸੂਬੇ ਵਿੱਚ ਖ਼ਰੀਦ ਲਈ ਐਫ.ਸੀ.ਆਈ ਦਾ ਹਿੱਸਾ ਵਧਾਉਣ ਵਾਸਤੇ ਕੇਂਦਰੀ ਖੁਰਾਕ ਮੰਤਰੀ ਨੂੰ ਆਖਣਗੇ।ਉਨਾਂ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਇਹ ਹਿੱਸਾ 30.69 ਫ਼ੀਸਦੀ ਤੋਂ ਘਟ ਕੇ ਕੇਵਲ 12 ਫ਼ੀਸਦੀ ਰਹਿ ਗਿਆ ਹੈ।ਉਨਾਂ ਕਿਹਾ ਕਿ ਐਫ.ਸੀ.ਆਈ ਪਿਛਲੇ 10 ਸਾਲਾਂ ਦੌਰਾਨ ਸੀਜ਼ਨ ਦੇ ਸ਼ੁਰੂ ਵਿੱਚ ਖ਼ਰੀਦ ਬਾਰੇ ਫੈਸਲਾ ਹੋਣ ਦੇ ਬਾਵਜੂਦ ਆਖਰੀ ਸਮੇਂ ਖਰੀਦ ਤੋਂ ਪਿੱਛੇ ਹਟਦੀ ਆਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਚਾਰ ਸੂਬਾਈ ਖ਼ਰੀਦ ਏਜੰਸੀਆਂ- ਮਾਰਕਫੈਡ, ਪਨਸਪ, ਪੀ.ਐਸ.ਡਬਲਿਊ.ਸੀ ਅਤੇ ਪੰਜਾਬ ਰਾਜ ਐਗਰੋ ਇੰਡਸਟਰੀਜ਼ (ਪੀ.ਏ.ਆਈ.ਸੀ)- ਨੂੰ ਪੜਾਅਵਾਰ ਖ਼ਰੀਦ ਸਬੰਧੀ ਕਾਰਜਾਂ ਤੋਂ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੀ ਸ਼ੁਰੂਆਤ ਪੀ.ਏ.ਆਈ.ਸੀ ਤੋਂ ਹੋਵੇਗੀ।ਇਸ ਦਾ ਉਦੇਸ਼ ਇਨਾਂ ਚਾਰ ਖ਼ਰੀਦ ਏਜੰਸੀਆਂ ਦਾ ਧਿਆਨ ਇਨਾਂ ਦੇ ਇਕੋ-ਇਕ ਮੂਲ ਕਾਰਜ `ਤੇ ਕੇਂਦਰਿਤ ਕਰਨਾ ਹੈ ਜੋ ਖੇਤੀ ਆਧਾਰਤ ਉਤਪਾਦਾਂ ਅਤੇ ਸਹਿਕਾਰੀ ਲਹਿਰ ਨੂੰ ਹੁਲਾਰਾ ਦੇਣ ਸਬੰਧੀ ਹੈ।
ਭਾਰਤ ਸਰਕਾਰ ਨਾਲ ਅਨਾਜ ਦੀ ਖਰੀਦ ਦੇ ਲੰਬਿਤ ਮੁੱਦੇ ਦੇ ਛੇਤੀ ਹੱਲ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰੀ ਵਿੱਤ ਮੰਤਰੀ ਅਤੇ ਕੇਂਦਰੀ ਖੁਰਾਕ ਮੰਤਰੀ ਨੂੰ ਪੱਤਰ ਲਿਖ ਕੇ ਸਾਂਝੀ ਮੀਟਿੰਗ ਦੀ ਮੰਗ ਕਰਨਗੇ।
31000 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ (ਸੀ.ਸੀ.ਐਲ) ਨੂੰ ਮਿਆਦੀ ਕਰਜ਼ੇ ਵਜੋਂ ਸਹਿਣ ਕਰਨ ਲਈ ਸੂਬੇ ਨੂੰ ਮਜਬੂਰ ਕੀਤੇ ਜਾਣ ਦੇ ਬਾਵਜੂਦ ਸੂਬਾ ਅਤੇ ਕੇਂਦਰ ਦਰਮਿਆਨ ਢਾਂਚਾਗਤ ਮੁੱਦਾ ਨਾ ਸੁਲਝਣ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਬਕਾਇਆ ਮਸਲਿਆਂ ਨੂੰ ਛੇਤੀ ਤੋਂ ਛੇਤੀ ਇਕੋ ਵਾਰ `ਚ ਸੁਲਝਾਉਣ ਲਈ ਉਹ ਮੋਦੀ ਸਰਕਾਰ ਨੂੰ ਅਪੀਲ ਕਰਨਗੇ।
     ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਫਸਲਾਂ ਦੀ ਨਿਰਵਿਘਨ ਖਰੀਦ ਸਬੰਧੀ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਸਕੱਤਰ ਨੂੰ ਆਖਿਆ ਕਿ ਭਾਰਤ ਸਰਕਾਰ ਕੋਲ ਅਨਾਜ ਦੀ ਢੋਆ-ਢੁਆਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ `ਤੇ ਜ਼ੋਰ ਪਾਇਆ ਜਾਵੇ ਤਾਂ ਕਿ ਹਾੜੀ ਦੇ ਮੰਡੀਕਰਨ ਸੀਜ਼ਨ 2019-20 ਦੌਰਾਨ ਕਣਕ ਦੇ ਭੰਡਾਰ ਲਈ ਹੋਰ ਥਾਂ ਬਣ ਸਕੇ।
ਹਾੜੀ ਦੇ ਅਗਾਮੀ ਸੀਜ਼ਨ ਲਈ ਢੁਕਵੇਂ ਬੰਦੋਬਸਤ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੂੰ ਆਖਿਆ ਕਿ ਫਸਲ ਦੀ ਸਮਾਂਬੱਧ ਅਤੇ ਨਿਰਵਿਘਨ ਖਰੀਦ ਲਈ ਸਮੁੱਚੇ ਸਟਾਫ ਦੀ ਮੁਕੰਮਲ ਤਿਆਰੀ ਨੂੰ ਯਕੀਨੀ ਬਣਾਉਣ ਤਾਂ ਕਿ ਕਿਸਾਨਾਂ ਦਾ ਭਰੋਸਾ ਜਿੱਤਿਆ ਜਾ ਸਕੇ।
ਅਨਾਜ ਦੇ ਨੁਕਸਾਨ ਨਾਲ ਸੂਬੇ ਨੂੰ ਹੁੰਦੇ ਵਿੱਤੀ ਘਾਟੇ `ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਗਿਆਨਕ ਢੰਗ ਨਾਲ ਅਨਾਜ ਦਾ ਭੰਡਾਰ ਕਰਨ ਲਈ ਪ੍ਰਭਾਵੀ ਕਦਮ ਚੁੱਕਣ ਲਈ ਆਖਿਆ।ਮੀਟਿੰਗ ਦੌਰਾਨ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਸੂਬੇ ਵੱਲੋਂ ਹਾੜੀ ਦੇ ਮੰਡੀਕਰਨ ਸੀਜ਼ਨ 2019-20 ਦੌਰਾਨ 130 ਲੱਖ ਮੀਟਰਕ ਕਣਕ ਖਰੀਦਣ ਦੀ ਆਸ ਹੈ ਜਿਸ ਵਿੱਚੋਂ ਸੂਬੇ ਦੀਆਂ ਖਰੀਦ ਏਜੰਸੀਆਂ 104 ਲੱਖ ਮੀਟਰਕ ਟਨ ਖਰੀਦਣਗੀਆਂ।
ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭਸ਼ਣ ਆਸ਼ੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿੱਤ ਮੰਤਰੀ ਅਨੁਰਿਧ ਤਿਵਾੜੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਵਿਸਵਾਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੁਰਾਕ ਤੇ ਸਿਵਲ ਸਪਲਾਈ ਦੇ ਸਕੱਤਰ ਕੇ.ਏ.ਪੀ ਸਿਨਹਾ ਅਤੇ ਖੁਰਾਕ ਤੇ ਸਿਵਲ ਸਪਲਾਈ ਦੇ ਡਾਇਰੈਕਟਰ ਅਨਿੰਦਿਤਾ ਮਿਤਰਾ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply