ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ
ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਸਤਿੰਦਰਜੀਤ ਸਿੰਘ ਆਦਿ ਮੌਜੂਦ ਸਨ।ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਸ਼ਬਦ ਗੁਰੂ ਯਾਤਰਾ ਦਾ ਮਨੋਰਥ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਅਮਰ ਸਿੰਘ, ਅਜੀਤ ਸਿੰਘ ਸੁਪਰਵਾਈਜ਼ਰ, ਗੁਰਦੁਆਰਾ ਇੰਸਪੈਕਟਰ ਰਣਜੀਤ ਸਿੰਘ ਭੋਮਾ ਤੇ ਮੁਕੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media