ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰੀਆ ਅਨਾਥਾਲਿਆ ਦੇ ਵਿਦਿਅਕ ਢਾਂਚੇ ਅਤੇ ਖੇਡ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਸ ਸੰਸਥਾ ਦੇ ਤਕਰੀਬਨ 50 ਯਤੀਮ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਵਾਸਤੇ ਅਨਾਥਾਲਿਆ ਦੇ ਨਾਲ ਤਾਲਮੇਲ ਰੱਖਣ ਲਈ ਆਪਣੇ ਓ.ਐਸ.ਡੀ ਨੂੰ ਨਿਰਦੇਸ਼ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਵਿੱਚ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਤ ਕੀਤਾ ਤਾਂ ਜੋ ਉਹ ਭਵਿੱਖ ਵਿੱਚ ਰਾਸ਼ਟਰੀ ਪ੍ਰਗਤੀ ’ਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਨੇ ਇਨ੍ਹਾਂ ਬੱਚਿਆਂ ਨੂੰ ਆਪਣੀ ਮਾਂ ਭੂਮੀ ਦੀ ਸੇਵਾ ਕਰਨ ਵਾਸਤੇ ਰੱਖਿਆ ਫੋਰਸਾਂ ਵਿੱਚ ਆਪਣਾ ਕੈਰੀਅਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਾਰਤ ਦੇ ਹਿੱਤ ਅਤੇ ਸਨਮਾਣ ਨੂੰ ਹਰ ਇਕ ਚੀਜ਼ ਤੋਂ ਹਮੇਸ਼ਾਂ ਹੀ ਉੱਪਰ ਰੱਖਣ ਲਈ ਬੱਚਿਆਂ ਨੂੰ ਆਖਿਆ।
ਇਹ ਅਨਾਥਾਲਿਆ ਸਵਾਮੀ ਦਯਾਨੰਦ ਸਰਸਵਤੀ ਵੱਲੋਂ 1877 ਵਿੱਚ ਸਥਾਪਤ ਕੀਤਾ ਗਿਆ ਸੀ।ਇਸ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਨੇਕਾਂ ਕੀਮਤੀ ਨੌਜਵਾਨਾਂ ਨੂੰ ਯੋਗ ਬਣਾਉਣ ਅਤੇ ਸੰਭਾਲਣ ਦਾ ਵਸੀਲਾ ਬਣਿਆ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਇੰਸਟੀਚਿਊਟ ਭਵਿੱਖ ਵਿੱਚ ਵੀ ਆਪਣੇ ਉਦੇਸ਼ਾ ਲਈ ਲਗਾਤਾਰ ਵਿਕਾਸ ਕਰਦਾ ਰਹੇਗਾ। 
ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਸਮਾਗਮ ਦੇਖਣ ਬਾਰੇ ਬੱਚਿਆਂ ਦੇ ਤਜਰਬੇ ਪੁੱਛੇ।ਇਸ ਸਬੰਧ ਵਿੱਚ ਬੱਚਿਆਂ ਨੇ ਉਤਸ਼ਾਹਪੂਰਨ ਢੰਗ ਨਾਲ ਆਪਣੇ ਜਵਾਬ ਦਿੱਤੇ ਅਤੇ ਉਨ੍ਹਾਂ ਨੇ ਛੇਤੀ ਹੀ ਮੁੜ ਇੱਥੋਂ ਦਾ ਦੌਰਾ ਕਰਨ ਦੀ ਆਗਿਆ ਦੇਣ ਵਾਸਤੇ ਵੀ ਮੁੱਖ ਮੰਤਰੀ ਨੂੰ ਬੇਨਤੀ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਫਿਰੋਜ਼ਪੁਰ ਦੇ ਦੌਰੇ ਦੌਰਾਨ ਇਸ ਸੰਸਥਾ ਵਿੱਚ ਬੱਚਿਆਂ ਨੂੰ ਮਿਲਣ ਦਾ ਵੀ ਵਾਅਦਾ ਕੀਤਾ।
ਹਾਜ਼ਰ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਇਸ ਇੰਸਟੀਚਿਊਟ ਨੂੰ ਵਿੱਤੀ ਸਹਾਇਤਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਾਹਨਾ ਕੀਤੀ।ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਬੱਚਿਆਂ ਦਾ ਵਧੀਆ ਭਵਿੱਖ ਯਕੀਨੀ ਬਣ ਸਕੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਰੂਰਤਮੰਦ ਵਿਦਿਆਰਥੀਆਂ ਲਈ ਕਦੇ ਵੀ ਕਿਸੇ ਵੀ ਮੁੱਖ ਮੰਤਰੀ ਨੇ ਇਸ ਤਰ੍ਹਾਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਬੱਚਿਆਂ ਦੀ ਸਥਿਤੀ ਬਾਰੇ ਭਲੀ ਭਾਂਤ ਜਾਣਦੇ ਹਨ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਨਵਤੇਜ ਸਿੰਘ ਚੀਮਾ, ਫਤਹਿ ਜੰਗ ਸਿੰਘ ਬਾਜਵਾ, ਦਲਵੀਰ ਸਿੰਘ ਗੋਲਡੀ, ਬਲਵਿੰਦਰ ਸਿੰਘ ਲਾਡੀ ਵੀ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media