ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ
ਯਾਤਰਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਸਮੇਲ ਸਿੰਘ ਲਾਸੜੂ, ਸਵਿੰਦਰ ਸਿੰਘ ਸਭਰਵਾਲ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਆਦਿ ਮੌਜੂਦ ਸਨ।ਪ੍ਰਚਾਰਕਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਚਤਰ ਸਿੰਘ ਤੇ ਭਾਈ ਹਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਐਡੀ: ਮੈਨੇਜਰ ਕਰਮ ਸਿੰਘ ਤੇ ਕਰਨੈਲ ਸਿੰਘ, ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਐਜੂਕੇਸ਼ਨ, ਪ੍ਰਿੰਸੀਪਲ ਸੁਰਿੰਦਰ ਕੌਰ, ਬਾਬਾ ਅਮਰੀਕ ਸਿੰਘ ਕਾਰਸੇਵਾ, ਸੁਪਰਵਾਈਜ਼ਰ ਦਲਜੀਤ ਸਿੰਘ, ਸਤਵਿੰਦਰ ਸਿੰਘ, ਲਖਬੀਰ ਸਿੰਘ, ਗੁਰਦੁਆਰਾ ਇੰਸਪੈਕਟਰ ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਸੀ.ਸੀ. ਭੁਪਿੰਦਰ ਸਿੰਘ, ਗ੍ਰੰਥੀ ਸੁੱਖਾ ਸਿੰਘ, ਜਸਬੀਰ ਸਿੰਘ ਗ੍ਰੰਥੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media