Tuesday, December 24, 2024

ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਇਕ ਦਿਨ `ਚ 1000 ਨੌਕਰੀਆਂ ਦਾ ਟੀਚਾ – ਮੁੱਖ ਮੰਤਰੀ

ਮੁੱਖ ਮੰਤਰੀ ਵਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਦਾ ਐਲਾਨ
ਜਲੰਧਰ/ ਚੰਡੀਗੜ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ ਦੀ ਸਰਕਾਰ ਵੱਲੋਂ ਸ਼ਹਿਰੀ PUNJ2802201920ਨੌਜਵਾਨਾਂ ਲਈ `ਮੇਰਾ ਕੰਮ, ਮੇਰਾ ਮਾਣ` ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।
ਅੱਜ ਇੱਥੇ ਡੀ.ਏ.ਵੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਚੌਥੇ ਰੁਜ਼ਗਾਰ ਮੇਲਿਆਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ `ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ` ਮਿਸ਼ਨ ਤਹਿਤ ਸੂਬੇ ਦੇ ਸਾਰੇ 22 ਜ਼ਿਲਿਆਂ ਵਿੱਚ 10 ਦਿਨ ਚੱਲੇ ਰੁਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਵਿੱਚੋਂ 256 ਨੂੰ ਨਿਯੁਕਤੀ ਪੱਤਰ ਦਿੰਦਿਆਂ ਵਧਾਈ ਦਿੱਤੀ। ਰੁਜ਼ਗਾਰ ਮੇਲਿਆਂ ਦੇ ਇਸ ਪੜਾਅ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੁਲ 40517 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ।
ਸੂਬਾ ਪੱਧਰੀ ਰੁਜ਼ਗਾਰ ਮੇ੍ਯਲਿਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਸਰਕਾਰ ਵਲੋਂ ਪ੍ਰਤੀ ਦਿਨ 808 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਗਿਆ ਹੈ ਅਤੇ ਛੇਤੀ ਹੀ ਇਹ ਗਿਣਤੀ ਵਧ ਕੇ 1000 ਪ੍ਰਤੀ ਦਿਨ ਹੋ ਜਾਵੇਗੀ।ਇਸ ਮਿਸ਼ਨ ਦਾ ਮਕਸਦ ਨਿਰਧਾਰਤ ਸਮੇਂ ਵਿੱਚ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਉਣਾ ਹੈ ਅਤੇ ਇਹ ਸਕੀਮ ਨਿਸ਼ਚਿਤ ਤੌਰ `ਤੇ ਘਰ-ਘਰ ਤੱਕ ਪਹੁੰਚੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਦੇ ਅਗਸਤ-ਸਤੰਬਰ ਵਿੱਚ ਪਲੇਠੇ ਰੁਜ਼ਗਾਰ ਮੇਲੇ ਦੌਰਾਨ ਸਿਰਫ਼ ਪੰਜ ਫੀਸਦੀ ਰੁਜ਼ਗਾਰ ਮੁਹੱਈਆ ਹੋਇਆ ਸੀ ਅਤੇ ਕੁੱਲ ਚਾਹਵਾਨਾਂ ਵਿਚੋਂ 19415 ਨੂੰ ਨੌਕਰੀਆਂ ਮਿਲੀਆਂ। ਸਾਲ 2018 ਦੌਰਾਨ ਫਰਵਰੀ-ਮਾਰਚ ਵਿੱਚ 11821 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਣ ਨਾਲ ਇਹ ਦਰ 16 ਫੀਸਦੀ ਰਹੀ।ਮੁੱਖ ਮੰਤਰੀ ਨੇ ਦੱਸਿਆ ਕਿ ਤੀਜੇ ਰੁਜ਼ਗਾਰ ਮੇਲੇ ਦੌਰਾਨ ਇਹ ਦਰ ਵਧ ਕੇ 21 ਫੀਸਦੀ ਤੱਕ ਪਹੁੰਚ ਗਈ ਅਤੇ 18672 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ।ਅੱਜ ਦੇ ਇਸ ਚੌਥੇ ਰੁਜ਼ਗਾਰ ਮੇਲੇ ਨਾਲ ਰੁਜ਼ਗਾਰ ਦੀ ਦਰ 55 ਫੀਸਦੀ ਤੱਕ ਪਹੁੰਚ ਗਈ ਹੈ।ਉਨਾਂ ਦੱਸਿਆ ਕਿ 54 ਥਾਵਾਂ `ਤੇ ਲੱਗੇ ਇਨਾਂ 10 ਰੋਜ਼ਾ ਰੁਜ਼ਗਾਰ ਮੇਲਿਆਂ ਦੌਰਾਨ ਕੁੱਲ 1.13 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਅਤੇ 41878 ਨੂੰ ਰੁਜ਼ਗਾਰ ਮਿਲਿਆ ਜਦਕਿ 4370 ਚਾਹਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਤਹਿਤ ਹੁਨਰ ਵਿਕਾਸ ਵਿਚ ਅਤੇ ਰੁਜ਼ਗਾਰ ਲਈ ਗ਼ਰੀਬਾਂ ਨੂੰ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਤਹਿਤ ਹਰੇਕ ਪਿੰਡ ਦੇ ਘੱਟੋ-ਘੱਟ 10 ਗ਼ਰੀਬ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇਕ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਇਸ ਸਕੀਮ ਦਾ ਲਾਭ ਹਰ ਇਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।
ੱਰੁਜ਼ਗਾਰ ਉਤਪਤੀ ਵਿਭਾਗ, ਉਸ ਦੀ ਟੀਮ ਅਤੇ ਜ਼ਿਲਾ ਪੱਧਰੀ ਰੁਜ਼ਗਾਰ ਬਿਊਰੋਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2017 ਤੋਂ ਲੈ ਕੇ ਹੁਣ ਤੱਕ 5.76 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ/ਸਰਕਾਰੀ ਖੇਤਰ ਜਾਂ ਸਵੈ-ਰੁਜ਼ਗਾਰ ਲਈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਨਾਂ ਵਿਚੋਂ 40213 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 1.71 ਲੱਖ ਨੂੰ ਪ੍ਰਾਈਵੇਟ ਅਤੇ 3.65 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ ਹੈ।
ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਉਨਾਂ ਦੇ ਹਲਕੇ ਵਿੱਚ ਪੈਂਦੇ ਪਿੰਡ ਜੰਡੂ ਸਿੰਘਾ ਵਿਖੇ ਜ਼ਮੀਨ ਦਾ ਵੱਡਾ ਰਕਬਾ ਹੋਣ ਕਰਕੇ ਇਥੇ ਇਕ ਸਨਅਤੀ ਯੂਨਿਟ ਸਥਾਪਤ ਕਰਨ ਦੀ ਕੀਤੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਉਦਯੋਗ ਮੰਤਰੀ ਨੂੰ ਇਸ ਸਬੰਧ ਵਿੱਚ ਲੋੜੀਂਦੀ ਰੂਪ ਰੇਖਾ ਉਲੀਕਣ ਲਈ ਆਖਿਆ ਤਾਂ ਕਿ ਇਸ ਖੇਤਰ ਵਿੱਚ ਹੋਰ ਸਨਅਤੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।  
ਮੁਖ ਮੰਤਰੀ ਨੇ ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਜ਼ਿਲਿਆਂ ਦੇ ਜ਼ਿਲਾ ਰੁਜ਼ਗਾਰ ਅਫਸਰਾਂ ਨੂੰ `ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ` ਵਜੋਂ ਸਨਮਾਨਿਤ ਕਰਦਿਆਂ ਉਨਾਂ ਦੀ ਸ਼ਲਾਘਾ ਕੀਤੀ।ਉਨਾਂ ਨੇ ਹੋਰਨਾਂ ਜ਼ਿਲਿਆਂ ਦੇ ਰੁਜ਼ਗਾਰ ਅਫਸਰਾਂ ਨੂੰ ਵੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਮਿਥੇ ਹੋਏ ਟੀਚੇ ਹਾਸਲ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਜ਼ਿਲੇ ਵਿੱਚ ਜ਼ਿਲਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੀ ਸਥਾਪਨਾ ਕਰਕੇ 21 ਨਵੰਬਰ, 2018 ਨੂੰ ਇਹ ਬਿਊਰੋ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ।ਇਹ ਬਿਊਰੋ ਇਸ ਵੇਲੇ ਕੈਰੀਅਰ ਲਈ ਮਾਰਗ ਦਰਸ਼ਨ, ਕੌਂਸਲਿੰਗ, ਰੁਜ਼ਗਾਰ ਲਈ ਸਹਾਇਤਾ, ਰਜਿਸਟ੍ਰੇਸ਼ਨ ਅਤੇ ਇੰਟਰਨੈਟ ਸਰਫ਼ਿੰਗ ਆਦਿ ਵਾਸਤੇ ਨੌਜਵਾਨਾਂ ਲਈ ਕਾਰਗਰ ਸਾਬਤ ਹੋ ਰਹੇ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਜੀ.ਜੀ.ਆਰ.ਕੇ ਪੋਰਟਲ ਵੀ ਵਿਕਸਤ ਕੀਤਾ ਗਿਆ ਹੈ ਅਤੇ ਲਗਭਗ 3.3 ਲੱਖ ਨੌਜਵਾਨ ਇਸ ਪੋਰਟਲ `ਤੇ ਰਜਿਸਟਰਡ ਹੋ ਚੁੱਕੇ ਹਨ।
ਇਸ ਤੋਂ ਪਹਿਲਾਂ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਖੇਤਰ ਵਿੱਚ ਸੂਬੇ ਨੂੰ ਬੁਰੀ ਤਰਾਂ ਪਛਾੜਣ ਲਈ ਪਿਛਲੀ ਸਰਕਾਰ ਨੂੰ ਆੜੇ ਹੱਥੀਂ ਲਿਆ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਦਾ 2-2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ ਅਤੇ ਹੁਣ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਹੁਨਰ ਵਿਕਾਸ ਯੂਨੀਵਰਸਿਟੀ ਦੀ ਸਥਾਪਨਾ ਲਈ ਪੰਜਾਬ ਤਕਨੀਕੀ ਯੂਨੀਵਰਸਿਟੀ ਨੂੰ ਜ਼ਮੀਨ ਤਬਦੀਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਅਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸਕਿੱਲ ਸੈਂਟਰ ਸਥਾਪਤ ਕਰਨ ਲਈ 312 ਕਰੋੜ ਰੁਪਏ ਖਰਚੇ ਜਾਣਗੇ।
ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਚੌਧਰੀ ਸੁਰਿੰਦਰ ਸਿੰਘ, ਹਰਦੇਵ ਸਿੰਘ ਲਾਡੀ ਅਤੇ ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਇਕਬਾਲ ਸਿੰਘ, ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਚੌਧਰੀ ਵਿਕਰਮਜੀਤ ਸਿੰਘ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ, ਘਰ-ਘਰ ਰੁਜ਼ਗਾਰ ਮਿਸ਼ਨ ਦੇ ਡਾਇਰੈਕਟਰ ਰਾਹੁਲ ਤਿਵਾੜੀ, ਕਮਿਸ਼ਨਰ ਬੀ. ਪੁਰਸ਼ਾਰਥਾ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਓ.ਐਸ.ਡੀ ਮੁੱਖ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਅੰਮ੍ਰਿਤ ਖੋਸਲਾ, ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ, ਬਲਦੇਵ ਸਿੰਘ ਦੇਵ, ਸੁਖਵਿੰਦਰ ਸਿੰਘ ਲਾਲੀ, ਅਸ਼ਵਿਨ ਭੱਲਾ ਅਤੇ ਹੋਰ ਸ਼ਾਮਿਲ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply