ਕੱਚੇ ਤੇ ਪੱਕੇ ਕੋਠਿਆਂ ਅਤੇ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਦਿੱਤੇ ਹੁਕਮ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵਲੋਂ ਮੀਂਹ ਨਾਲ ਪ੍ਰਭਾਵਿਤ ਅਜਨਾਲਾ ਖੇਤਰ ਦੇ ਪਿੰਡਾਂ ਦੇ ਦੌਰਾ ਕੀਤਾ ਗਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀ ਸਹਾਇਤਾ ਵਿਚ ਕਿਸੇ ਕਿਸਮ ਦੀ ਢਿੱਲਮੱਠ ਨਾ ਆਵੇ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਭ ਤੋਂ ਪਹਿਲਾਂ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਜਿਨ੍ਹਾਂ ਵਿਚ ਦਰਿਆ ਮੂਸਾ, ਰੂੜੇਵਾਲ ਤੇ ਪੰਜਗਰਾਈ ਆਦਿ ਸ਼ਾਮਿਲ ਸਨ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕੀਤੀ। ਉਨਾਂ ਦੱਸਿਆ ਮੀਂਹ ਕਾਰਨ ਲੋਪੇਕੇ, ਰਮਦਾਸ ਤੇ ਅਜਨਾਲਾ ਖੇਤਰ ਦੇ ਪਿੰਡਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਮੀਂਹ ਕਾਰਨ ਕੱਚੇ ਜਾਂ ਪੱਕੇ ਕੋਠਿਆਂ ਦੇ ਹੋਏ ਨੁਕਸਾਨ ਅਤੇ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਜਾ ਚੁੱਕੇ ਹਨ, ਗਿਰਦਾਵਰੀ ਉਪਰੰਤ ਲੋਕਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਝੋਨਾ, ਕਮਾਦ, ਹਰਾ ਚਾਰਾ, ਤਿਲ, ਗੋਬੀ ਤੋਂ ਇਲਾਵਾ ਹੋਰ ਫਸਲਾਂ ਪ੍ਰਭਾਵਿਤ ਹੋਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਂਹ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਅੰਦਰ 9 ਵਿਅਕਤੀਆਂ ਦੀ ਮੌਤ ਹੋਈ ਹੈ। ਉਨਾਂ ਦੱਸਿਆ ਕਿ ਮ੍ਰਿਤਕ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਤੀ ਡੇਢ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਬੇਮੋਸਮੀ ਬਰਸਾਤ ਕਾਰਨ ਭਾਰਤ ਪਾਕਿਸਤਾਨ ਦੀ ਸਰਹੱਦ ਨਾਲ ਵਗਦੇ ਰਾਵੀ ਦਰਿਆ ਵਿਚ ਅੰਦਰ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਸੀ ਪਰ ਹੁਣ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ ਦਿਹਾਤੀ ਸ੍ਰੀ ਜਸਦੀਪ ਸਿੰਘ, ਐਸ.ਡੀ.ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ, ਸ੍ਰੀ ਦਲਵਿੰਦਰ ਸਿੰਘ ਸਰਪੰਚ ਪੰਜਗਰਾਈ, ਸ੍ਰੀ ਸਵਰਨ ਸਿੰਘ ਸਰਪੰਚ ਦਰਿਆ ਮੂਸਾ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।
Punjab Post Daily Online Newspaper & Print Media