ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿਸਤਾਨ ਦੇ ਰਾਜਦੂਤ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, 8 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਵੱਧ ਰਹੇ ਹਮਲਿਆਂ ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਵੱਲ ਪਾਕਿਸਤਾਨ ਸਰਕਾਰ ਬਿਲਕੁਲ ਵੀ ਸੁਹਿਰਦ ਨਹੀਂ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨਾ ਵਿੱਚ ਲਗਾਤਾਰ ਪਾਕਿਸਤਾਨ ਵਿੱਚ ਸਿੱਖਾਂ ਤੇ ਜਾਨਲੇਵਾ ਹਮਲੇ ਹੋ ਰਹੇ ਹਨ ਜਿਨ੍ਹਾਂ ਵਿਚ ਸ.ਜਗਮੋਤ ਸਿੰਘ ਪਿਸ਼ਾਵਰ ਸ਼ਹਿਰ, ਸ.ਹਰਜੀਤ ਸਿੰਘ ਦਬਗਾਰੀ ਤੇ ਸ. ਅਮਰਜੀਤ ਸਿੰਘ ਖੈਬਰ ਪਖਤੂਨਵਾ ਸੂਬੇ ‘ਚ ਹਮਲੇ ਦੌਰਾਨ ਜਾਨ ਤੋਂ ਮਾਰ ਦਿੱਤੇ ਗਏ ਸਨ। ਉਨ੍ਹਾ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਪ੍ਰਤੀ ਨਫਰਤ ਦੀ ਭਾਵਨਾ ਨੂੰ ਖਤਮ ਕਰਨ ਦੀ ਜਰੂਰਤ ਹੈ।ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਸਿੱਖਾਂ ਤੇ ਹਮਲੇ ਕਰਨ ਵਾਲੇ ਦੋਸ਼ੀ ਆਜ਼ਾਦ ਘੁੰਮ ਰਹੇ ਹਨ।ਪਾਕਿਸਤਾਨ ਦੀ ਸਰਕਾਰ ਇਨ੍ਹਾਂ ਪ੍ਰਤੀ ਅਵੇਸਲਾਪਨ ਵਿਖਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿ ਕਿਤੇ ਉਨ੍ਹਾਂ ਦੇ ਭਾਈਚਾਰੇ ਤੇ ਮੁੜ ਅਜਿਹੀ ਘਟਨਾ ਨਾ ਵਾਪਰ ਜਾਏ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਤੇ ਭਾਰਤ ਵਿੱਚ ਸਥਿਤ ਪਾਕਿਸਤਾਨੀ ਰਾਜਦੂਤ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਸਰਕਾਰ ਤੇ ਦਬਾਅ ਪਾਉਣ ਅਤੇ ਦੋਸ਼ੀਆਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਣ ਲਈ ਕਹਿਣ।
Punjab Post Daily Online Newspaper & Print Media