ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰਸੇਵਾ ਵਾਲਿਆਂ ਬਾਬਿਆਂ ਦੀ ਆਪਹੁਦਰੀ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ ਪੁਰਾਤਨ ਦਰਸ਼ਨੀ ਡਿਓੜੀ ਸਬੰਧੀ ਫਿਲਹਾਲ ਕੋਈ ਅੰਤਮ ਫੈਸਲਾ ਨਹੀਂ ਲਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਇਸ ਦਰਸ਼ਨੀ ਡਿਓੜੀ ਦੀ ਕਾਰਸੇਵਾ ਸਬੰਧੀ ਸੰਗਤਾਂ ਵੱਲੋਂ ਇਤਰਾਜ਼ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ’ਤੇ ਰੋਕ ਲਗਾ ਦਿੱਤੀ ਸੀ।ਇਸ ਸਬੰਧ ਵਿਚ 18 ਅਕਤੂਬਰ 2018 ਨੂੰ ਹੋਈ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿਚ ਮਤਾ ਨੰ: 765 ਰਾਹੀਂ ਇਸ ਮਾਮਲੇ ਨੂੰ ਪੈਂਡਿੰਗ ਕਰ ਦਿੱਤਾ ਸੀ।ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਫੈਸਲਾ ਨਾ ਲਏ ਜਾਣ ਬਗੈਰ ਹੀ ਮੈਨੇਜਰ ਅਤੇ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਬੀਤੀ ਰਾਤ ਡਿਓੜੀ ਢਾਹ ਦਿੱਤੀ ਗਈ।ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਦਫ਼ਤਰ ਦੇ ਆਰਡਰ ਨੰ: 5407, ਮਿਤੀ 31-3-2019 ਰਾਹੀਂ ਮੁਅੱਤਲ ਕਰਕੇ ਜੀਂਦ ਭੇਜ ਦਿੱਤਾ ਹੈ।ਇਸ ਤੋਂ ਇਲਾਵਾ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਵੀ ਗੁਰਦੁਆਰਾ ਸਾਹਿਬ ਦੀਆਂ ਕਾਰ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਡਿਓੜੀ ਢਾਹੁਣ ਦੀ ਕਾਰਵਾਈ ਕਿਸੇ ਗਹਿਰੀ ਸਾਜ਼ਿਸ਼ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਕੀਤੀ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧਾ ਦਖ਼ਲ ਹੈ।ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਦੇ ਨੋਟਿਸ ਵਿਚ ਲਿਆਉਣ ਦੀ ਵੀ ਮੈਨੇਜਰ ਨੇ ਕੋਸ਼ਿਸ਼ ਨਹੀਂ ਕੀਤੀ, ਜਿਸ ਲਈ ਪੜਤਾਲ ਕਰਵਾਈ ਜਾ ਰਹੀ ਹੈ।ਡਾ. ਰੂਪ ਸਿੰਘ ਨੇ ਕਿਹਾ ਕਿ ਮਾਮਲਾ ਅਤਿ ਗੰਭੀਰ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਇਸ ਕਾਰਵਾਈ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਜਾਂਚ ਰਿਪੋਰਟ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਧਿਆਨ ਵਿਚ ਲਿਆ ਕੇ ਸੰਗਤ ਨੂੰ ਜਾਣੂ ਕਰਵਾਇਆ ਜਾਵੇਗਾ।
Check Also
ਵੋਟਰ ਸੂਚੀਆਂ ਦੇ ਵੇਰਵਿਆਂ ਦੀ ਪੁਸ਼ਟੀ ਨੂੰ ਬਣਾਇਆ ਜਾਵੇ ਯਕੀਨੀ – ਵਧੀਕ ਜ਼ਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਦੀ ਪਾਲਣਾ …