ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਦਾ ਗਠਨ
ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ ਲਈ ਭਾਈ ਲੌਂਗੋਵਾਲ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਬਣਾਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਇਸ ਜਾਂਚ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਅਤੇ ਗੁਰਮੀਤ ਸਿੰਘ ਬੂਹ ਨੂੰ ਸ਼ਾਮਲ ਕੀਤਾ ਹੈ।
ਪ੍ਰਧਾਨ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਕਾਰਸੇਵਾ ਵਾਲੇ ਬਾਬਿਆਂ ਪਾਸੋਂ ਢੁਹਾਉਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਮੈਨੇਜਰ ਦੀ ਇਸ ਆਪਹੁਦਰੀ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …