ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਕੁਕਵਾਲ ਮਾਜ਼ਰੀ ਨਾਲ ਸਬੰਧਿਤ
45 ਸਾਲਾ ਸ਼ਿਵ ਕੁਮਾਰ ਪੁੱਤਰ ਦੇਵ ਰਾਜ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ।
ਦੱਸਣਯੋਗ ਹੈ ਕਿ ਸ਼ਿਵ ਕੁਮਾਰ ਕਰੀਬ 2 ਸਾਲ ਪਹਿਲਾਂ ਕਰਜ਼ਾ ਚੁਕ ਕੇ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ `ਚ ਲੈ ਕੇ ਦੁਬਈ ਗਿਆ ਸੀ ਕੇ ਅਚਾਨਕ ਬੀਤੀ 15 ਮਾਰਚ ਨੂੰ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਦੀ ਮੌਤ ਹੋ ਗਈ ਸੀ।
ਹਵਾਈ ਅੱਡੇ `ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪੀ੍ਰਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਪਰਮਿੰਦਰ ਸਿੰਘ ਕੜਿਆਲ ਤੇ ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਵਤਨ ਪੁੱਜੇ ਡਾ: ਉਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਾ. ਓਬਰਾਏ ਦੀ ਦੁਬਈ ਵਾਲੀ ਟੀਮ ਨੇ ਹੁਸ਼ਿਆਰਪੁਰ ਜ਼ਿਲ੍ਹਾ ਇਕਾਈ ਰਾਹੀਂ ਸ਼ਿਵ ਕੁਮਾਰ ਦੀ ਮੌਤ ਸਬੰਧੀ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ।ਅਤੇ ਸ਼ਿਵ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਟਰੱਸਟ ਦੀ ਦੁਬਈ ਟੀਮ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ।ਟਰੱਸਟ ਮੈਂਬਰਾਂ ਅਨੁਸਾਰ ਸ਼ਿਵ ਕੁਮਾਰ ਦੇ ਪਰਿਵਾਰ ਨੂੰ ਅੰਤਿਮ ਸੰਸਕਾਰ ਲਈ ਡਾ: ਉਬਰਾਏ ਵਲੋਂ ਉਸ ਦੇ ਪਰਿਵਾਰ ਦੀ ਵਿੱਤੀ ਮਦਦ ਦੇਣ ਦਾ ਭਰੋਸਾ ਦਿਤਾ ਗਿਆ ਹੈ।
ਮ੍ਰਿਤਕ ਦੇਹ ਲੈਣ ਆਏ ਸ਼ਿਵ ਕੁਮਾਰ ਦੇ ਭਰਾ ਅਸ਼ੋਕ ਕੁਮਾਰ, ਸਤਪਾਲ, ਨਰਿੰਦਰ ਕੁਮਾਰ, ਅਸ਼ਵਨੀ ਕੁਮਾਰ, ਵਿਜੈ ਕੁਮਾਰ ਨੇ ਜਿਥੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ।ਪਿਛਲੇ ਕੁੱਝ ਮਹੀਨਿਆਂ ਤੋਂ ਪਰਿਵਾਰ ਨਾਲ ਸੰਪਰਕ ਨਾ ਹੋਣ ਕਾਰਨ ਸ਼ਿਵ ਕੁਮਾਰ ਆਪਣੇ ਪਿਤਾ ਦੀ ਮੌਤ ਤੋਂ ਵੀ ਅਣਜਾਨ ਸੀ।ਉਨ੍ਹਾਂ ਇਹ ਵੀ ਦੱਸਿਆ ਕਿ ਪਤਨੀ ਤੋਂ ਇਲਾਵਾ ਸ਼ਿਵ ਕੁਮਾਰ ਦੀਆਂ 3, 5 ਅਤੇ 8 ਸਾਲ ਦੀਆਂ ਤਿੰਨ ਲੜਕੀਆਂ ਹਨ।
Check Also
ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ …
Punjab Post Daily Online Newspaper & Print Media