ਰਣਜੀਤ ਸਾਗਰ ਡੈਮ ਮਸਲੇ ਦਾ ਹੱਲ ਜੰਮੂ ਤੇ ਕਸ਼ਮੀਰ ਸਰਕਾਰ ਨਾਲ ਗੱਲਬਾਤ ਰਾਹੀਂ ਨਿਕਲਣ ਦੀ ਉਮੀਦ
ਬਠਿੰਡਾ, 11 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ )- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਮੀਂਹ ਕਾਰਨ ਪਾਣੀ ਵਿੱਚ ਘਿਰੇ ਹੋਏ ਮਾਨਸਾ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਇਲਾਕਿਆਂ ਦਾ ਦੌਰਾ 13 ਤੋਂ 15 ਸਤੰਬਰ ਤੱਕ ਕਰਨਗੇ। ਮੁੱਖ ਮੰਤਰੀ ਇਸ ਦੌਰੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣਗੇ। ਇਹ ਐਲਾਨ ਸ. ਬਾਦਲ ਨੇ ਅੱਜ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਦਾ ਮਕਸਦ ਉਥੇ ਜਾ ਕੇ ਜ਼ਮੀਨੀ ਹਕੀਕਤਾਂ ਦੀ ਜਾਣਕਾਰੀ ਪ੍ਰਾਪਤ ਕਰਨਾ ਹੈ ਤਾਂ ਜੋ ਬਚਾਊ ਕਾਰਵਾਈਆਂ ਦੀ ਗਤੀ ਤੇਜ਼ ਕੀਤੀ ਜਾ ਸਕੇ ਅਤੇ ਗਿਰਦਾਵਰੀ ਕਰਾ ਕੇ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕਰਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵਲੋਂ ਤਿਆਰ ਕੀਤੀਆਂ ਨੀਤੀਆਂ ਨੇ ਰਾਜ ਸਰਕਾਰ ਦੇ ਹੱਥਾਂ ਨੂੰ ਬੰਨ੍ਹਿਆਂ ਹੋਇਆ ਹੈ ਕਿਉਂਕਿ ਕੁਦਰਤੀ ਆਫ਼ਤਾਂ ਕਾਰਨ ਬਿਲਕੁਲ ਨਿਗੁਣਾ ਜਿਹਾ ਮੁਆਵਜ਼ਾ ਦੇਣ ਲਈ ਮਜ਼ਬੂਰ ਕੀਤਾ ਜਾਂਦਾ ਹੈ। ਪਰ ਹੁਣ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਆਉਣ ਕਾਰਨ ਪੰਜਾਬ ਸਰਕਾਰ ਨੂੰ ਅਜਿਹੇ ਨੁਕਸਾਨ ਦੇ ਮੁਆਵਜ਼ੇ ਵਿੱਚ ਚੋਖਾ ਵਾਧਾ ਹੋਣ ਦੀ ਉਮੀਦ ਹੈ ਜਿਸ ਅਨੁਸਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਰਣਜੀਤ ਸਾਗਰ ਡੈਮ ਦੇ ਮੁੱਦੇ ਉਤੇ ਜੰਮੂ ਕਸ਼ਮੀਰ ਨਾਲ ਵਿਵਾਦ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਪੰਜਾਬ ਇਸ ਮੁੱਦੇ ਦਾ ਦੁਵੱਲੀ ਗੱਲਬਾਤ ਨਾਲ ਹੱਲ ਕੱਢੇ ਜਾਣ ਦੇ ਹੱਕ ਵਿੱਚ ਹੈ। ਜੰਮੂ ਕਸ਼ਮੀਰ ਸਰਕਾਰ ਇਸ ਸਮੇਂ ਹੜ੍ਹਾਂ ਦੀ ਤਬਾਹੀ ਨਾਲ ਜੂਝ ਰਹੀ ਹੈ ਜਿਸ ਕਰਕੇ ਉਹ ਜੰਮੂ ਕਸ਼ਮੀਰ ਸਰਕਾਰ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਛੇਤੀ ਹੀ ਕੱਢ ਲਿਆ ਜਾਵੇਗਾ। ਸੂਬੇ ਦੀ ਵਿੱਤੀ ਹਾਲਤ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਕਾਂਗਰਸ ਦੀ ਮੰਗ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਹ ਮੰਗ ਕਰਨ ਤੋਂ ਪਹਿਲਾਂ ਅੰਤਰ ਝਾਤ ਮਾਰਨੀ ਚਾਹੀਦੀ ਹੈ ਅਤੇ ਇਨ੍ਹਾਂ ਕਾਰਨਾਂ ਦੀ ਪਛਾਣ ਕਰਨੀ ਚਾਹੀਦੀ ਹੈ ਕਿ ਇਸ ਪਾਰਟੀ ਦੇ ਲੀਡਰਾਂ ਨੂੰ ਆਪਣੇ ਹਲਕੇ ਵਿੱਚ ਹੀ ਮੂੰਹ ਦੀ ਖਾਣੀ ਪਈ। ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਰਾਸ਼ਟਰੀ ਲੋਕ ਦਲ ਨਾਲ ਸਾਂਝ ਦੇ ਮੁੱਦੇ ਉਤੇ ਗੱਲਬਾਤ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਉਸ ਪਾਰਟੀ ਨਾਲ ਭਾਈਵਾਲ ਕਰਨ ਨੂੰ ਤਿਆਰ ਹੈ ਜੋ ਸੂਬੇ ਵਿੱਚ ਕਾਂਗਰਸ ਵਿਰੋਧੀ ਸਰਕਾਰ ਬਣਾਉਣ ਲਈ ਉਤਸੁਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਬਹੁਤ ਨੇੜੇ ਦੇ ਸਬੰਧ ਹਨ ਅਤੇ ਇਹ ਦੇਸ਼ ਵਿੱਚ ਸਭ ਤੋਂ ਪੁਰਾਣਾ ਗਠਜੋੜ ਹੈ। ਇਸ ਤੋਂ ਪਹਿਲਾਂ ਸ. ਬਾਦਲ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਤਲਵੰਡੀ ਵਿਧਾਨ ਸਭਾ ਹਲਕੇ ਦਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਭਾਗੀਬਾਂਦਰ, ਮਾਹੀਨੰਗਲ, ਮਲਕਾਣਾ, ਗਿਆਨਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਗਤੀ ਲਿਆਉਣ, ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਮਿਆਰੀ ਕੰਮ ਕਰਾਉਣ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਿੱਤੇ ਗਏ ਸਾਰੇ ਫੰਡਾਂ ਦੀ ਢੁਕਵੇਂ ਢੰਗ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵਿਕਾਸ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਇਸ ਵਿੱਚ ਯੋਗਦਾਨ ਪਾਉਣ ਲਈ ਆਖਿਆ ਹੈ। ਮੁੱਖ ਮੰਤਰੀ ਦੇ ਨਾਲ ਤਲਵੰਡੀ ਸਾਬੋ ਦੇ ਵਿਧਾਇਕ ਜੀਤਮਹਿੰਦਰ ਸਿੰਘ, ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ ਅਤੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੀ ਹਾਜ਼ਰ ਸਨ।