ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ਵਿਚ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਅੱਜ ਸਬ-
ਕਮੇਟੀ ਦੀਆਂ ਸਿਫਾਰਸ਼ਾਂ ਤੇ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ’ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਾਰਗ ਮੁਲਾਜ਼ਮਾਂ ਨੂੰ ਮੁੜ ਡਿਊਟੀ ਹਾਜ਼ਰ ਕਰਨ ਦਾ ਐਲਾਨ ਕੀਤਾ, ਜਿਸ ਮਗਰੋਂ ਉਨ੍ਹਾਂ ਨੂੰ ਹਾਜ਼ਰ ਹੋਣ ਲਈ ਦਫਤਰੀ ਪੱਤਰ ਜਾਰੀ ਕੀਤੇ ਗਏ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਇਨ੍ਹਾਂ ਫਾਰਗ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਧਰਨਾ ਉਠਾ ਦਿੱਤਾ ਸੀ। ਫਾਰਗ ਮੁਲਾਜ਼ਮਾਂ ਨੂੰ ਮੁੜ ਸੇਵਾ ਦੇਣ ਸਬੰਧੀ ਐਲਾਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਬੰਧਤ ਮੁਲਾਜ਼ਮਾਂ ਦੀ ਸੇਵਾ ਬਹਾਲ ਕਰ ਦਿੱਤੀ ਗਈ ਹੈ ਅਤੇ ਹੁਣ ਉਹ ਇਮਾਨਦਾਰੀ ਅਤੇ ਗੁਰੂ ਦੀ ਭੈ-ਭਾਵਨੀ ਵਿਚ ਰਹਿ ਕੇ ਸੇਵਾ ਨਿਭਾਉਣ। ਭਾਈ ਲੌਂਗੋਵਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਰਹੁਸਨ ਸਿੰਘ ਦਾ ਹਾਲ-ਚਾਲ ਜਾਨਣ ਲਈ ਵੀ ਗਏ।
ਇਸ ਸਮੇਂ ਲੌਂਗੋਵਾਲ ਦੇ ਨਾਲ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ ਵੀ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media