Sunday, April 19, 2026

ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ

PPN1404201919ਅੰਮ੍ਰਿਤਸਰ, 14 ਅਪ੍ਰੈਲ (ਪੰਜਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਹੀ ਪਾਵਨ ਸਰੋਵਰ ਵਿਚ ਇਸ਼ਨਾਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ।ਦੂਰ-ਦੁਰਾਡੋਂ ਤੋਂ ਪੁੱਜੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸਮੇਤ ਹੋਰਨਾਂ ਅਸਥਾਨਾਂ ਦੇ ਦਰਸ਼ਨ ਦੀਦਾਰ ਵੀ ਕੀਤੇ।ਖ਼ਾਲਸਾ ਸਾਜਣਾ ਦਿਵਸ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਥੇ ਸਥਿਤ ਹੋਰ ਸਥਾਨਾਂ ’ਤੇ ਖੂਬਸੂਰਤ ਦੀਪਮਾਲਾ ਕੀਤੀ ਗਈ।ਰਹਿਰਾਸ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਗਈ।
        ਸ੍ਰੀ ਦਰਬਾਰ ਸਾਹਿਬ ਵੱਲੋਂ ਬੀਤੇ ਕੱਲ੍ਹ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਇਤਿਹਾਸਕ ਦਿਹਾੜੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਤੋਂ ਚੱਲ ਰਹੇ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਪਾਨ ਕਰਕੇ ਕੀਤਾ।ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਇਲਾਵਾ ਸਭਾ-ਸੁਸਾਇਟੀਆਂ ਤੇ ਸੰਗਤਾਂ ਵੱਲੋਂ ਵੀ ਲੰਗਰ ਲਗਾਏ ਗਏ।ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਬੇਹਤਰ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ।ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਭਲੇ 15 ਅਪ੍ਰੈਲ ਤੱਕ ਜਾਰੀ ਰਹਿਣਗੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply