ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਚਲਾਏ ਜਾ ਰਹੇ ਕੇਂਦਰੀ ਵਿਦਿਆਲਿਆਂ ’ਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਦੀ ਸਰੀਰਕ ਤੇ ਸਿਹਤ ਸਿੱਖਿਆ ਪੜ੍ਹਾਉਣਾ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਇਸ ਦੇ ਨਾਲ ਹੀ ਕੇਂਦਰੀ ਵਿਦਿਆਲਿਆਂ ਵਿਚ ਪੰਜਾਬੀ ਮਾਧਿਅਮ ਦੀ ਥਾਂ ਹਿੰਦੀ ਤੇ ਅੰਗਰੇਜ਼ੀ ਪੜਾਉਣ ਦੇ ਨਾਦਰਸ਼ਾਹੀ ਫੁਰਮਾਨ ਨੂੰ ਵੀ ਭਾਈ ਲੌਂਗੋਵਾਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਧੱਕਾ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ਕੇਂਦਰੀ ਵਿਦਿਆਲਿਆ ਸੰਗਠਨ ਦਾ ਇਹ ਤਾਨਾਸ਼ਾਹੀ ਫੈਸਲਾ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲੋਂ ਤੋੜਨ ਵਾਲਾ ਹੈ ਅਤੇ ਪੰਜਾਬੀ ਮਾਂ-ਬੋਲੀ ਨਾਲ ਇਸ ਵਿਤਕਰੇ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਲੌਂਗੋਵਾਲ ਨੇ ਕਿਹਾ ਕਿ ਪੰਜਾਬ `ਚ ਪੰਜਾਬੀ ਨੂੰ ਅਣਗੌਲਿਆਂ ਕਰਨ ਦੇ ਇਸ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਵਿਭਾਗ ਨੂੰ ਪੱਤਰ ਲਿਖਿਆ ਜਾਵੇਗਾ।ਉਨ੍ਹਾਂ ਆਖਿਆ ਕਿ ਜੇਕਰ ਕੇਂਦਰੀ ਵਿਦਿਆਲਿਆ ਸੰਗਠਨ ਪੰਜਾਬ ਅੰਦਰ ਆਪਣੇ ਵਿਦਿਆਲਿਆਂ ’ਚ ਕੋਈ ਹੋਰ ਵਿਸ਼ਾ ਪੜ੍ਹਾਉਣਾ ਚਾਹੁੰਦਾ ਹੈ ਤਾਂ ਉਸ ਦੇ ਬਦਲੇ ਪੰਜਾਬੀ ਨੂੰ ਮਨਫ਼ੀ ਨਹੀਂ ਕਰਨਾ ਚਾਹੀਦਾ, ਸਗੋਂ ਨਾਲ-ਨਾਲ ਹੀ ਸ਼ੁਰੂ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਮਾਂ-ਬੋਲੀ ਸਬੰਧੀ ਜਨਰਲ ਹਾਊਸ ਵਿਚ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਵੱਖ-ਵੱਖ ਸੂਬਿਆਂ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਵਾਉਣ ਲਈ ਆਦੇਸ਼ ਕਰਨ ਦੀ ਅਪੀਲ ਵੀ ਕੀਤੀ ਜਾ ਚੁੱਕੀ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media