Sunday, February 9, 2025

ਸਵ. ਬੀਬੀ ਨਿਰੰਜਣ ਕੌਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ

PPN11091415

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਵਰਗਵਾਸੀ ਬੀਬੀ ਨਿਰੰਜਣ ਕੌਰ ਦੀ ਤਸਵੀਰ ਲਗਾਈ ਗਈ ਹੈ।ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਦਾ ਕੀਤੀ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਇਹ ਤਸਵੀਰ ਅੱਜ ਇਥੇ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਹਾਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦਰਸ਼ਨ-ਇਸ਼ਨਾਨ ਕਰਨ ਆਉਂਦੀਆਂ ਹਨ ਤੇ ਉਨ੍ਹਾਂ ਦੀ ਇੱਛਾ ਹੁੰਦੀ ਹੈ ਕਿ ਉਹ ਕੇਂਦਰੀ ਸਿੱਖ ਅਜਾਇਬ ਘਰ ਦੇ ਦਰਸ਼ਨ ਜ਼ਰੂਰ ਕਰਨ।ਜਿਸ ਵਿੱਚ ਗੁਰੂ ਕਾਲ ਤੋਂ ਲੈ ਕੇ ਅਜ਼ਾਦੀ ਘੁਲਾਟੀਏ, ਸਿੱਖ ਮਿਸਲਾਂ ਦਾ ਸਮਾਂ ਅਤੇ ਪੁਰਾਤਨ ਇਤਿਹਾਸ ਨੂੰ ਰੂਪਮਾਨ ਕਰਦਾ ਬਹੁਮੁੱਲਾ ਸਰਮਾਇਆ ਪਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਮਹਾਨ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲਗਦੀਆਂ ਹਨ ਜਿਨ੍ਹਾਂ ਕੌਮ ਲਈ ਆਪਣੇ ਖੂਨ ਦੀ ਆਹੂਤੀ ਦੇ ਕੇ ਇਤਿਹਾਸ ਨੂੰ ਸਿਰਜਿਆ ਹੋਵੇ ਜਾਂ ਕਿਸੇ ਸਖ਼ਸ਼ੀਅਤ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸੁਧਾਰ, ਕਾਰ ਸੇਵਾ ਦੇ ਖੇਤਰ ਵਿੱਚ ਪੰਥ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੋਵੇ ਉਨ੍ਹਾਂ ਦੀਆਂ ਤਸਵੀਰਾਂ ਕੌਮ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਸਿੰਘ ਸਾਹਿਬ ਨੇ ਕਿਹਾ ਕਿ ਬੀਬੀ ਨਿਰੰਜਣ ਕੌਰ ਦਾ ਜਨਮ ਸੰਨ 1932 ਨੂੰ ਪਿਤਾ ਸ. ਕਰਤਾਰ ਸਿੰਘ ਤੇ ਮਾਤਾ ਹਰਨਾਮ ਕੌਰ ਦੇ ਘਰ ਪਿੰਡ ਭੈਣੀ ਮੱਸਾ ਸਿੰਘ ਤਹਿਸੀਲ ਪੱਟੀ ਜ਼ਿਲ੍ਹਾ ਲਾਹੌਰ ਜੋ ਹੁਣ ਤਰਨਤਾਰਨ ਦੇ ਨਾਮ ਨਾਲ ਪ੍ਰਸਿੱਧ ਹੈ ਵਿੱਚ ਹੋਇਆ।ਉਨ੍ਹਾਂ ਦਾ ਵਿਆਹ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਵਾਲਿਆਂ ਨਾਲ 1950 ਵਿੱਚ ਪਿੰਡ ਭੂਰਾਕੋਹਨਾ ਨਜ਼ਦੀਕ ਖੇਮਕਰਨ ਵਿਖੇ ਹੋਇਆ।ਉਨ੍ਹਾਂ ਦੇ ਘਰ ਦੋ ਸਪੁੱਤਰ ਪੈਦਾ ਹੋਏ ਜਿਨ੍ਹਾਂ ਵਿਚੋਂ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਜੋ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਫੌਜੀ ਹਮਲੇ ਦੌਰਾਨ ਟਾਕਰਾ ਕਰਦੇ ਹੋਏ ਸ਼ਹੀਦ ਹੋਏ।ਛੋਟੇ ਸਪੁੱਤਰ ਭਾਈ ਮਨਜੀਤ ਸਿੰਘ ਜੀ ਜੋ 1984 ਦੇ ਹਮਲੇ ਦੌਰਾਨ ਪੰਜ ਸਾਲ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ ਅਤੇ ਹੁਣ ਬਤੌਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੀਨੀਅਰ ਅਕਾਲੀ ਆਗੂ ਵਜੋਂ ਸੇਵਾ ਨਿਭਾਅ ਰਹੇ ਹਨ।ਬੀਬੀ ਨਿਰੰਜਣ ਕੌਰ ਜੀ ਗੁਰਮਤਿ ਰਹਿਣੀ-ਬਹਿਣੀ ਦੇ ਪੱਕੇ ਅਤੇ ਕੁਰਬਾਨੀ ਵਾਲੇ ਟਕਸਾਲੀ ਆਗੂ ਸਨ।ਬੀਬੀ ਜੀ ਧਰਮ-ਯੁੱਧ ਮੋਰਚਿਆਂ ਵਿੱਚ ਅੱਗੇ ਵੱਧ ਕੇ ਹਿੱਸਾ ਲੈਂਦੇ ਰਹੇ।ਮੰਚ ਦੀ ਸੇਵਾ ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਨੇ ਬੀਬੀ ਜੀ ਦੇ ਜੀਵਨ ਤੇ ਰੌਸ਼ਨੀ ਪਾਉਦਿਆਂ ਬਾਖੂਬੀ ਨਿਭਾਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ,ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਬੀਬੀ ਨਿਰੰਜਣ ਕੌਰ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਮਨਜੀਤ ਸਿੰਘ, ਉਨ੍ਹਾਂ ਦੇ ਪੋਤਰੇ ਭਾਈ ਤਿਰਲੋਚਨ ਸਿੰਘ ਤੇ ਕੰਵਰਚੜ੍ਹਤ ਸਿੰਘ, ਬੀਬੀ ਅਮਰਜੀਤ ਕੌਰ ਸੁਪਤਨੀ ਭਾਈ ਮਨਜੀਤ ਸਿੰਘ, ਬੀਬੀ ਸਤਵੰਤ ਕੌਰ ਪੋਤਰੀ ਦੇ ਇਲਾਵਾ ਉਥੇ ਪਹੁੰਚੀਆਂ ਸਨਮਾਨਯੋਗ ਸ਼ਖਸੀਅਤਾਂ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਅਵਤਾਰ ਸਿੰਘ ਜੀ ਦਲ ਬਾਬਾ ਬਿਧੀ ਚੰਦ ਜੀ ਸੁਰਸਿੰਘ, ਬਾਬਾ ਦਰਸ਼ਨ ਸਿੰਘ ਜੀ ਟਾਲ੍ਹਾ ਸਾਹਿਬ, ਬਾਬਾ ਸਾਧ ਜੀ, ਛਬੀਲ ਬਾਬਾ ਸਵਾਇਆ ਸਿੰਘ, ਬਾਬਾ ਛਿੰਦਾ ਸਿੰਘ ਜੀ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲੰਗਰ ਸਾਹਿਬ ਵਾਲੇ, ਗਿਆਨੀ ਨਿਸ਼ਾਨ ਸਿੰਘ ਹੈੱਡ ਗ੍ਰੰਥੀ ਬੀੜ ਬਾਬਾ ਬੁੱਢਾ ਜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼ੋ੍ਰਮਣੀ ਕਮੇਟੀ, ਸਾਬਕਾ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਪੂਰਨ ਸਿੰਘ ਹੁੰਦਲ ਐਡਵੋਕੇਟ, ਜਸਬੀਰ ਸਿੰਘ ਘੁੰਮਣ ਤੇ ਸ.ਸੁਖਵਿੰਦਰ ਸਿੰਘ ਚਿੱਤਰਕਾਰ ਆਦਿ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਬਿਜੈ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਜਤਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਸਨ।

Check Also

ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …

Leave a Reply