Friday, November 22, 2024

ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ

ਅਟਾਰੀ ਸਰਹੱਦ `ਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਤੇ ਸੂਚਨਾ ਕੇਂਦਰ `ਚ ਸਨਮਾਨ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ 6 ਸਿੱਖ ਨੌਜੁਆਨਾਂ ਵੱਲੋਂ ਸਰੀ PUNJ1105201937(ਕੈਨੇਡਾ) ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਅੱਜ ਵਾਹਗਾ ਅਟਾਰੀ ਸਰਹੱਦ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੀ, ਜਿਥੇ ਉਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਅਟਾਰੀ ਸਰਹੱਦ ਵਿਖੇ ਪੁੱਜ ਕੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਦਾ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਦੇ ਇਨ੍ਹਾਂ ਨੌਜੁਆਨਾਂ ਵੱਲੋਂ ਇਹ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਆਰੰਭ ਹੋਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਅੱਜ ਵਾਹਗਾ ਅਟਾਰੀ ਸਰਹੱਦ ਰਾਹੀਂ ਪੰਜਾਬ ਪੁੱਜੀ।ਇਸੇ ਦੌਰਾਨ ਯਾਤਰਾ ਕਰ ਰਹੇ ਸਿੱਖ ਨੌਜੁਆਨਾਂ ਨੇ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ, ਜਿਸ ਮਗਰੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਸਨਮਾਨਿਤ ਕੀਤਾ ਗਿਆ।
    ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸਿੱਖ ਨੌਜੁਆਨਾਂ ਵੱਲੋਂ ਸਿੱਖ ਵਿਰਸੇ, ਸਿੱਖ ਪਛਾਣ ਅਤੇ ਸਿੱਖਾਂ ਵੱਲੋਂ ਵਿਸ਼ਵ ਪੱਧਰ ’ਤੇ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਾਰਥਿਕ ਯਤਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਅੱਜ ਸਿੱਖਾਂ ਨੇ ਵਿਸ਼ਵ ਭਰ ਵਿਚ ਆਪਣੀ ਨਿਆਰੀ ਹੋਂਦ ਹਸਤੀ ਅਤੇ ਮੁੱਲਵਾਨ ਕਦਰਾਂ-ਕੀਮਤਾਂ ਕਰਕੇ ਪਛਾਣ ਬਣਾਈ ਹੈ।ਉਨ੍ਹਾਂ ਨੌਜੁਆਨਾਂ ਦੇ ਉਦਮ ਦੀ ਪ੍ਰਸ਼ੰਸਾ ਕਰਦਿਆਂ ਆਸ ਕੀਤੀ ਕਿ ਇਸ ਨਾਲ ਵਿਸ਼ਵ ਭਰ ਵਿਚ ਇਕ ਚੰਗਾ ਸੁਨੇਹਾ ਜਾਵੇਗਾ।
    ਇਸ ਦੌਰਾਨ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਕਰਕੇ ਬੇਹੱਦ ਪ੍ਰਸੰਨਤਾ ਹੋਈ ਹੈ। ਉਨ੍ਹਾਂ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਯਾਤਰਾ ਦੌਰਾਨ ਜਿਥੇ ਉਨ੍ਹਾਂ ਦਾ ਵੱਖ-ਵੱਖ ਦੇਸ਼ਾਂ ਅੰਦਰ ਭਰਵਾਂ ਸਵਾਗਤ ਅਤੇ ਸਨਮਾਨ ਹੋਇਆ ਹੈ, ਉਥੇ ਹੀ ਵੱਖ-ਵੱਖ ਦੇਸ਼ਾਂ ਅੰਦਰ ਲੋਕਾਂ ਨੇ ਗੁਰੂ ਸਾਹਿਬ ਦੇ ਮੁੱਲਵਾਨ ਸਿਧਾਂਤ ਦੇ ਪ੍ਰਚਾਰ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਵੱਖ-ਵੱਖ ਦੇਸ਼ਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਭਰਵੇਂ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਵੀ ਕੀਤਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਸਕੱਤਰ ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਰਾਜਿੰਦਰ ਸਿੰਘ ਰੂਬੀ, ਗੁਰਪ੍ਰਤਾਪ ਸਿੰਘ ਟਿੱਕਾ, ਜਸਵਿੰਦਰ ਸਿੰਘ ਜੱਸ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਇਹ ਯਾਤਰਾ ਭਲਕੇ 12 ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗੀ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜੁਆਨਾਂ ਦਾ ਸਨਮਾਨ ਕੀਤਾ ਜਾਵੇਗਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply