ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਨਲਾਈਨ ਖ਼ਰੀਦਦਾਰੀ ਵਾਲੀ ‘ਰੈਡਬਬਲ’ ਨਾਂ ਦੀ ਇੱਕ ਵੈਬਸਾਈਟ ਵੱਲੋਂ ਔਰਤਾਂ ਦੇ ਰੈਡੀਮੇਡ
ਕੱਪੜਿਆਂ ’ਤੇ ਪਾਵਨ ਗੁਰਬਾਣੀ ਵਿੱਚੋਂ ‘ਇੱਕ ਓਅੰਕਾਰ’ ਛਾਪਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।ਇਕ ਅਖ਼ਬਾਰ ਵਿਚ ਇਸ ਸਬੰਧੀ ਖ਼ਬਰ ਛਪਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੈਬਸਾਈਟ ਦੀ ਹਰਕਤ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਵਲੋਂ ਜਾਰੀ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਇਹ ਹਰਕਤ ਸਿੱਖੀ ਸਿਧਾਂਤਾਂ ਅਤੇ ਰਵਾਇਤਾਂ ਨੂੰ ਢਾਹ ਲਗਾਉਣ ਵਾਲੀ ਹੈ, ਜਿਸ ਨਾਲ ਸਿੱਖ ਜਗਤ ਵਿਚ ਰੋਸ ਫੈਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਲਈ ਸਬੰਧਤ ਅਧਿਕਾਰੀਆਂ ਨੂੰ ਆਖਿਆ ਗਿਆ ਹੈ। ਉਨ੍ਹਾਂ ਅਜਿਹੀਆਂ ਮੰਦਭਾਗੀਆਂ ਹਰਕਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਕੁੱਝ ਲੋਕ ਜਾਣਬੁੱਝ ਕੇ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਸਾਈਟਾਂ ’ਤੇ ਸਿੱਖ ਵਿਰੋਧੀ ਕਾਰਵਾਈ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਕਰਨ ’ਤੇ ਸਬੰਧਤਾਂ ਨੇ ਖੇਦ ਪ੍ਰਗਟ ਕੀਤਾ ਸੀ।ਉਨ੍ਹਾਂ ਸਰਕਾਰਾਂ ਅਤੇ ਸਾਈਬਰ ਕਰਾਈਮ ਵਿਭਾਗ ਨੂੰ ਵੀ ਚੁਸਤ ਹੋਣ ਲਈ ਆਖਿਆ ਹੈ।ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਵੱਲੋਂ ਆਪਣੇ ਤੰਤਰ ਰਾਹੀਂ ਅਜਿਹੇ ਲੋਕਾਂ ’ਤੇ ਨਿਗ੍ਹਾ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media