ਬੀਬੀ ਗੁਰਪ੍ਰੀਤ ਕੌਰ ਤੇ ਬੀਬੀ ਦਲਜੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ
ਚਲਾਏ ਜਾ ਰਹੇ ਦੋ ਸਾਲਾ ‘ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਸੈਸ਼ਨ 2017-2019 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਇਹ ਨਤੀਜਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸਾਂਝੇ ਤੌਰ ’ਤੇ ਜਾਰੀ ਕੀਤਾ।
ਉਨਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਨਾਲ-ਨਾਲ ਪੱਤਰ ਵਿਹਾਰ ਕੋਰਸ ਰਾਹੀਂ ਵੀ ਸੰਗਤ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਨਾਲ ਜੋੜਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਆਮ ਸੰਗਤਾਂ ਲਈ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਹੁਣ ਤੱਕ ਭਰਵਾਂ ਹੁੰਗਾਰਾ ਪ੍ਰਾਪਤ ਹੋਇਆ ਹੈ ਅਤੇ ਹਰ ਸਾਲ ਇਹ ਪ੍ਰੀਖਿਆ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਦਿੱਤੀ ਜਾਂਦੀ ਹੈ।
ਜੌੜਾਸਿੰਘਾ ਨੇ ਦੱਸਿਆ ਕਿ ਇਸ ਵਾਰ ਯੂ.ਪੀ ਦੇ ਬਿਜਨੌਰ ਤੋਂ ਬੀਬੀ ਗੁਰਪ੍ਰੀਤ ਕੌਰ ਤੇ ਹੁਸ਼ਿਆਰਪੁਰ ਦੀ ਬੀਬੀ ਦਲਜੀਤ ਕੌਰ ਨੇ ਪਹਿਲਾ, ਕਪੂਰਥਲਾ ਦੀ ਬੀਬੀ ਗੁਰਜੀਤ ਕੌਰ ਨੇ ਦੂਜਾ ਅਤੇ ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਭਾਈ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਇਨਾਮੀ ਰਾਸ਼ੀ ਨਾਲ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਇਸ ਤਰ੍ਹਾਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਉਣ ਵਾਲੇ ਪ੍ਰੀਖਿਆਰਥੀਆਂ ਨੂੰ 1100-1100 ਰੁਪਏ ਦੇ ਵਿਸ਼ੇਸ਼ ਇਨਾਮ ਦਿੱਤੇ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਪੱਤਰ ਵਿਹਾਰ ਕੋਰਸ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਸੁਪਰਵਾਈਜ਼ਰ, ਨਰਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media