ਗਿਆਨੀ ਹਰਪ੍ਰੀਤ ਸਿੰਘ ਤੇ ਗੋਆ ਦੇ ਮੁੱਖ ਮੰਤਰੀ ਡਾ. ਸਾਵੰਤ ਨੇ ਕੀਤਾ ਸੰਬੋਧਨ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਤਮ (ਗੋਆ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉੱਦਮ ਨਾਲ ਹੋਏ ਇਸ ਸਮਾਗਮ ਵਿਚ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਸੰਗਤਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮੀ ਇਕਜੁਟਤਾ ਨਾਲ ਮਨਾਉਣ ਦਾ ਸੱਦਾ ਦਿੱਤਾ।ਉਨਾਂ ਨੇ ਆਖਿਆ ਕਿ ਇਸ ਇਤਿਹਾਸਕ ਮੌਕੇ ਨੂੰ ਜਿਥੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਵਰਤਿਆ ਜਾਵੇਗਾ, ਉਥੇ ਹੀ ਸਿੱਖੀ ਦੀ ਚੜ੍ਹਦੀ ਕਲਾ ਦੇ ਪ੍ਰਗਟਾਅ ਨੂੰ ਦੁਨੀਆਂ ਅੰਦਰ ਹੋਰ ਫੈਲਾਉਣ ਲਈ ਯਤਨ ਕੀਤੇ ਜਾਣਗੇ।ਉਨ੍ਹਾਂ ਗੋਆ ਦੀਆਂ ਸੰਗਤਾਂ ਵੱੱਲੋਂ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਹਾਜ਼ਰੀ ਭਰਨ ਦੀ ਪ੍ਰਸ਼ੰਸਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਗੁਰਮਤਿ ਸਮਾਗਮ ਸਮੇਂ ਸਮੇਂ ਕਰਵਾਉਣ ਦੀ ਵਚਨਬਧਤਾ ਪ੍ਰਗਟਾਈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਇਕ ਸੂਤਰ ਵਿਚ ਪਰੋ ਕੇ ਮਨੁੱਖੀ ਏਕਤਾ ਦਾ ਰਾਹ ਦਿਖਾਇਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ਾਂ ’ਤੇ ਚੱਲ ਕੇ ਸਿੱਖਾਂ ਨੇ ਵਿਸ਼ਵ ਅੰਦਰ ਆਪਣੀ ਨਿਵੇਕਲੀ ਪਛਾਣ ਬਣਾਈ ਹੈ।ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਬ੍ਰਹਿਮੰਡੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਪ੍ਰਚਾਰਨ ਲਈ ਉਪਰਾਲੇ ਕਰਨ ਦੀ ਪ੍ਰੇਰਣਾ ਕੀਤੀ।ਸਮਾਗਮ ਦੌਰਾਨ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਿੱਖਾਂ ਵੱਲੋਂ ਗੋਆ ਦੇ ਵਿਕਾਸ ਲਈ ਪਾਏ ਯੋਗਦਾਨ ਦੀ ਭਰਵੀਂ ਪ੍ਰਸ਼ੰਸਾ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਦ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।ਇਸ ਦੌਰਾਨ ਡਾ. ਸਾਵੰਤ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਥਾਨਕ ਪ੍ਰਬੰਧਕਾਂ ਨੇ ਸਨਮਾਨਿਤ ਵੀ ਕੀਤਾ।
ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਜੀ ਆਇਆਂ ਆਖਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਵਿੰਦਰ ਸਿੰਘ, ਜਸਵੀਰ ਸਿੰਘ ਮੁੰਬਈ, ਡਾ. ਮੋਹਤਰ, ਗੁਰਦੀਪ ਸਿੰਘ ਭਾਟੀਆ ਇੰਦੌਰ, ਬਲਬੀਰ ਸਿੰਘ ਬਿਦਰ, ਸਲਿੰਦਰ ਸਿੰਘ ਝਾੜਖੰਡ, ਦਰਸ਼ਨ ਸਿੰਘ ਪੀ.ਏ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …