ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ।ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਪਾਵਨ ਹੁਕਮਨਾਮਾ ਭਾਈ ਦਿਲਬਾਗ ਸਿੰਘ ਨੇ ਲਿਆ।
ਗੁਰਤਾ ਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸੇ ਦੌਰਾਨ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸੁਖਰਾਜ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ ਤੇ ਨਿਸ਼ਾਨ ਸਿੰਘ, ਇੰਚਾਰਜ ਗੁਰਬਖ਼ਸ਼ੀਸ ਸਿੰਘ ਆਦਿ ਹਾਜ਼ਰ ਸਨ। ਛੇਵੇਂ ਪਾਤਸ਼ਾਹ ਜੀ ਦੀ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ ਅਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …