ਪੰਜਾਬ ਦੇ ਸਕੂਲਾਂ ’ਚ ਭਰਤੀ ਸਮੇਂ ਅਧਿਆਪਕਾਂ ਤੇ ਸਹਿਯੋਗੀ ਸਟਾਫ਼ ਦੀ ਸਕਰੀਨਿੰਗ ਜਰੂਰੀ – ਸਿੰਗਲਾ
ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿਵਲ ਹਸਪਤਾਲ ਧੂਰੀ ਵਿਖੇ ਜ਼ੇਰੇ ਇਲਾਜ ਪੀੜ੍ਹਤ ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਸੀਮਤ ਸਮੇਂ ਦੇ ਅੰਦਰ ਅੰਦਰ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।ਸਿੰਗਲਾ ਨੇ ਕਿਹਾ ਕਿ ਨੇੜ ਭਵਿੱਖ ਵਿੱਚ ਅਜਿਹੀਆਂ ਘਿਨੋਣੀਆਂ ਘਟਨਾਂਵਾਂ ਨਾ ਵਾਪਰਨ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਅਤੇ ਹੋਰ ਸਹਿਯੋਗੀ ਅਮਲੇ ਦੀ ਨਿਯੁੱਕਤੀ ਸਮੇਂ ਹੀ ਸਕਰੀਨਿੰਗ ਕੀਤੇ ਜਾਣ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਅਤੇ ਅਜਿਹੀਆਂ ਹੀ ਹੋਰ ਢੁੱਕਵੀਆਂ ਤਕਨੀਕਾਂ ਨੂੰ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਬੱਚੀਆਂ ਨਾਲ ਅਜਿਹੀਆਂ ਮਾੜੀਆ ਘਟਨਾਵਾਂ ਬੇਹੱਦ ਨਿੰਦਾਯੋਗ ਹਨ ਅਤੇ ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲੇ ਅਜਿਹੇ ਮਾੜੇ ਲੋਕਾਂ ਨੂੰ ਸਖ਼ਤ ਸ਼ਜਾ ਦਿਵਾਉਣ ਲਈ ਸਰਕਾਰ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕਾਂ ਖਿਲਾਫ਼ ਕੇਸ ਦਰਜ਼ ਕੀਤਾ ਗਿਆ ਹੈ ਅਤੇ ਇਸ ਸਬੰਧ ਵਿੱਚ ਪ੍ਰਬੰਧਕਾਂ ਦੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੀ ਉਨ੍ਹਾਂ ਦੇ ਨਾਲ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …