ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ `ਚ ਪੂਰੇ ਦੇਸ਼ ਦੇ ਸਰਵਪੱਖੀ ਵਿਕਾਸ ਲਈ
ਵਚਨਬੱਧ ਹੈ।ਇਹ ਵਿਚਾਰ ਰਿਹਾਇਸ਼ੀ ਅਤੇ ਸ਼ਹਿਰੀ ਮਾਮਲਿਆਂ, ਨਾਗਰਿਕ ਹਵਾਬਾਜ਼ੀ ਮੰਤਰਾਲਾ, ਵਣਜ ਤੇ ਉਦਯੋਗ ਮੰਤਰਾਲਾ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ਼) ਹਰਦੀਪ ਸਿੰਘ ਪੁਰੀ ਵਲੋਂ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਅੰਮ੍ਰਿਤਸਰ ਫੇਰੀ ਦੌਰਾਨ ਦੇਰ ਸ਼ਾਮ ਨੂੰ ਪ੍ਰੈਸ ਕਾਨਫਰੰਸ ਵਿੱਚ ਪ੍ਰਗਟ ਕੀਤੇ ਗਏ।ਕੇਂਦਰ ਸਰਕਾਰ ਵਿੱਚ ਮੰਤਰੀ ਦੇ ਅਹੁੱਦੇ ਵਜੋਂ ਆਪਣਾ ਚਾਰਜ਼ ਲੈਣ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਆਏ ਸਨ।
ਹਰਦੀਪ ਸਿੰਘ ਪੁਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨਾਂ ਨੂੰ 3 ਮਹੱਤਵਪੂਰਨ ਮੰਤਰਾਲੇ ਦਿੱਤੇ ਹਨ, ਜਿਸ ਨਾਲ ਉਹ ਦੇਸ਼ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਕਲਿਆਣ ਸਕੀਮਾਂ ਰਾਹੀਂ ਕੰਮ ਕਰਨਗੇ।ਉਨਾ ਨੇ ਕਿਹਾ ਕਿ ਸਾਰੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਹੀ ਇਕ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ।ਨਾਗਰਿਕ ਹਵਾਬਾਜੀ ਸੈਕਟਰ ਦੇ ਘਾਟੇ ਵੱਲ ਜਾਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨਾਂ ਨੇ ਕਿਹਾ ਕਿ ਘਾਟੇ ਦੀ ਸਮੱਸਿਆ ਏਅਰ ਇੰਡੀਆ ਅਤੇ ਜੈਟ ਦੀ ਵੱਖਰੇ ਤੌਰ `ਤੇ ਹੈ, ਸਾਰੇ ਸੈਕਟਰ ਦੀ ਨਹੀਂ ਹੈ।ਪਰ ਇਸ ਸਬੰਧੀ ਸਮੱਸਿਆਵਾਂ ਨੂੰ ਪੇਸ਼ੇਵਰ ਢੰਗ ਨਾਲ ਜਲਦੀ ਸੁਲਝਾ ਲਿਆ ਜਾਵੇਗਾ।
ਹਰਦੀਪ ਸਿੰਘ ਪੁਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਇਕ ਹਫਤੇ ਦੌਰਾਨ “ਪੁਰੀ ਫਾਰ ਗੁਰੂ ਕੀ ਨਗਰੀ“ ਵੈਬਸਾਈਟ ਲਾਂਚ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਦੇ ਲੋਕ ਅੰਮ੍ਰਿਤਸਰ ਦੇ ਵਿਕਾਸ ਲਈ ਆਪਣੇ ਸੁਝਾਅ ਅਤੇ ਸੰਦੇਸ਼ ਦੇ ਸਕਣਗੇ।ਉਨਾ ਕਿਹਾ ਕਿ ਅੰਮ੍ਰਿਤਸਰ ਦੇ ਕੌਮਾਂਤਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਪੱਧਰ ਦੀਆਂ ਉਡਾਨਾਂ ਦੀ ਗਿਣਤੀ ਵੀ ਵਧਾਈ ਜਾਵੇਗੀ।ਉਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਉਨਾਂ ਵਲੋਂ ਲੋਕ ਸਭਾ ਚੋਣ ਦੌਰਾਨ ਵਿਜ਼ਨ ਡਾਕੂਮੈਂਟ ਰਿਲੀਜ਼ ਕੀਤਾ ਗਿਆ ਸੀ ਅਤੇ ਉਹ ਅੱਜ ਵੀ ਉਸ ਡਾਕੂਮੈਂਟ ਵਿਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media