ਡੇਂਗੂ ਦਾ ਲਾਰਵਾ ਮਿਲਣ `ਤੇ ਹੁਣ ਤੱਕ ਕੱਟੇ 32 ਚਲਾਨ- ਅਪਨੀਤ ਰਿਆਤ
ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ
ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਉਨ੍ਹਾਂ ਦੇ ਸਬੰਧਤ ਕੰਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਜਿਲ੍ਹਾ ਰੁਜ਼ਗਾਰ ਬਿਊਰੋ ਦਫਤਰ ਦੇ ਕਰਮਚਾਰੀਆਂ ਨੂੰ ਪਿੰਡਾਂ ਦੇ ਪੜ੍ਹੇ ਲਿਖੇ 10-10 ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਮਿਲ ਕੇ ਇਸ ਦਫਤਰ `ਚ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਅਤੇ ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਵਾਲੇ ਬੱਚਿਆਂ ਦੇ ਮੋਬਾਇਲ ਨੰਬਰ ਜਰੂਰ ਲਏ ਜਾਣ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕੇ।
ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਕੋਲੋਂ ਕਰਜ਼ਾ ਮਾਫੀ ਦੇ ਪੈਂਡਿੰਗ ਕੇਸਾਂ ਦਾ ਜਇਜ਼ਾ ਵੀ ਲਿਆ ਅਤੇ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨੈਸ਼ਨਲ ਫੂਡ ਸਕਿਊਰਟੀ ਐਕਟ ਦੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿਥੇ ਰੈਵਨਿਊ ਕੋਰਟ ਮੈਨੇਜ਼ਮੈਂਟ ਦਾ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਮਿਊਂਸਪਲ ਕਾਊਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਕੱਲ੍ਹ ਤੋਂ ਹੀ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਕੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਦੀ ਰਿਪੋਟਰ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਅਤੇ ਫੋਗਿੰਗ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਨਾਲ ਹੀ ਐਸ.ਡੀ.ਐਮ ਨੂੰ ਡੇਂਗੂ ਦੇ ਲਾਰਵੇ ਸਬੰਧੀ ਕੱਟੇ ਜਾ ਰਹੇ ਚਲਾਣ ਦੀ ਮੋਨੀਟਰਿੰਗ ਕਰਨ ਲਈ ਕਿਹਾ ਗਿਆ।ਉਨ੍ਹਾਂ ਕਾਰਜਸਾਧਕ ਅਫਸਰਾਂ ਨੂੰ ਫੋਗਿੰਗ ਲਈ ਸਾਧਨਾਂ ਦਾ ਮੁਕੰਮਲ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਦਾ ਲਾਰਵਾ ਮਿਲਣ ਤੇ 32 ਚਲਾਣ ਕੱਟੇ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਵਿਚ ਕੂਲਰ, ਫਰਿਜ ਅਤੇ ਪਾਣੀ ਦੇ ਹੋਰ ਬਰਤਨਾਂ ਦੀ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਡੇਂਗੂ ਦਾ ਲਾਰਵਾ ਨਾ ਪਲ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ 2019 ਮੁਕੰਮਲ ਹੋਣ ਦੇ ਮੱਦੇਨਜ਼ਰ ਕਿਤੇ ਵੀ ਕੋਈ ਚੋਣ ਮਟੀਰੀਅਲ ਜਿਵੇਂ ਕਿ ਪੋਸਟਰ, ਬੈਨਰ ਆਦਿ ਉਤਾਰ ਦਿੱਤੇ ਜਾਣੇ ਯਕੀਨੀ ਬਣਾਉਣ ਲਈ ਕਿਹਾ ਅਤੇ ਨਾਲ ਹੀ ਉਨ੍ਹਾਂ ਜਿਲ੍ਹਾ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨੂੰ ਤਹਿਸੀਲ ਦਫਤਰ ਅਤੇ ਹੋਰ ਸਰਕਾਰੀ ਦਫਤਰਾਂ ਦੇ ਕੰਮਕਾਜ ਦੀ ਨਿਗਰਾਨੀ ਲਈ ਇੰਸਪੈਕਸ਼ਨ ਕਰਨ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ ਮੌਜੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media