ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਨੂੰ ਹੋਣ ਵਾਲਾ ਸ਼ਹੀਦੀ ਸਮਾਗਮ ਕੌਮੀ ਇਕਜੁੱਟਤਾ ਨਾਲ ਮਨਾਇਆ ਜਾਵੇ।
ਜਾਰੀ ਇੱਕ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜ਼ੀਦਗੀ, ਸੁਹਿਰਦਤਾ ਅਤੇ ਗਹਿਰ-ਗੰਭੀਰਤਾ ਬੇਹੱਦ ਜ਼ਰੂਰੀ ਹੈ।ਇਸ ਅਤਿ-ਭਾਵੁਕ ਤੇ ਸੰਵੇਦਨਸ਼ੀਲ ਸਮੇਂ ਸਮੁੱਚੇ ਸਿੱਖ ਜਗਤ ਦੀ ਇਹ ਜ਼ੁੰਮੇਵਾਰੀ ਹੈ ਕਿ ਕਿਸੇ ਵੀ ਤਰ੍ਹਾਂ ਅਜਿਹਾ ਮਾਹੌਲ ਪੈਦਾ ਨਾ ਹੋਣ ਦਿੱਤਾ ਜਾਵੇ ਜਿਸ ਨਾਲ ਕੌਮ ਦਾ ਦੇਸ਼ ਦੁਨੀਆਂ ਵਿਚ ਅਕਸ ਵਿਗੜੇ।ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ 6 ਜੂਨ ਦੇ ਸ਼ਹੀਦੀ ਸਮਾਗਮ ਮੌਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਸਾਰੀ ਕੌਮ ਦੇ ਸਾਂਝੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਕੌਮੀ ਇਕਜੁੱਟਤਾ ਬਣੀ ਰਹਿਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨਾਂ ਸਮੁੱਚੀਆਂ ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਗੁਰੂ-ਘਰਾਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media