ਕਿਹਾ ਧਰਮੀ ਫੌਜੀਆਂ ਦਾ ਹੋਵੇ ਮੁੜ ਵਸੇਬਾ ਤੇ ਪਾਕਿ ਨਗਰ ਕੀਰਤਨ ਸਬੰਧੀ ਮਿਲੇ ਇਜਾਜ਼ਤ
ਦਿੱਲੀ/ ਚੰਡੀਗੜ੍ਹ, 6 ਜੂਨ ( ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ `ਚ
ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਫੌਜੀ ਅਧਿਕਾਰੀਆਂ ਵਲੋਂ ਚੁੱਕੇ ਦੁਰਲੱਭ ਖਰੜਿਆਂ ਅਤੇ ਦਸਤਾਵੇਜ਼ਾਂ ਨੂੰ ਵਾਪਸ ਸ੍ਰੋਮਣੀ ਕਮੇਟੀ ਨੂੰ ਵਾਪਸ ਸੌਂਪੇ ਜਾਣ ਦਾ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਇਆ ਹੈ।
ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਇੱਕ ਉਚ ਪੱਧਰੀ ਵਫ਼ਦ ਅੱਜ ਸ਼ਾਮੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਅਤੇ ਉਹਨਾਂ ਨੂੰ ਜਾਣੂ ਕਰਵਾਇਆ ਕਿ 1984 ਵਿਚ ਕੀਤੀ ਫੌਜੀ ਕਾਰਵਾਈ ਦੌਰਾਨ ਸਿੱਖ ਰੈਫਰੈਂਸ ਲਾਇਬਰੇਰੀ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ ਸੀ ਅਤੇ ਫੌਜੀ ਅਧਿਕਾਰੀਆਂ ਨੇ ਬਹੁਤ ਸਾਰੇ ਦੁਰਲੱਭ ਖਰੜਿਆਂ, ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਅਤੇ ਦਸਤਾਵੇਜ਼ਾਂ ਨੂੰ ਚੁੱੱਕ ਲਿਆ ਸੀ।ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਲੰਬੇ ਸਮੇਂ ਤੋਂ ਇਹਨਾਂ ਦੁਰਲੱਭ ਖਰੜਿਆਂ ਨੂੰ ਵਾਪਸ ਸ਼੍ਰੋਮਣੀ ਕਮੇਟੀ ਨੂੰ ਸੌਂਪੇ ਜਾਣ ਦੀ ਮੰਗ ਕਰਦੀ ਆ ਰਹੀ ਹੈ।ਉਹਨਾਂ ਅਮਿਤ ਸ਼ਾਹ ਨੂੰ ਇਹ ਮਾਮਲਾ ਫੌਜੀ ਅਧਿਕਾਰੀਆਂ ਕੋਲ ਉਠਾ ਕੇ ਇਸ ਦਾ ਢੁੱਕਵਾਂ ਹੱਲ ਕੱਢਣ ਦੀ ਅਪੀਲ ਕੀਤੀ।
ਅਕਾਲੀ ਦਲ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਉਸ ਗੜਬੜ ਵਾਲੇ ਦੌਰ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ `ਤੇ ਸ੍ਰੀ ਦਰਬਾਰ ਸਾਹਿਬ ਉਤੇ ਕੀਤੇ ਗਏ ਫੌਜੀ ਹਮਲੇ ਤੋਂ ਬਾਅਦ ਵੱਡੀ ਗਿਣਤੀ ਵਿਚ ਫੌਜ ਵਿਚ ਸੇਵਾ ਨਿਭਾਅ ਰਹੇ ਸਿੱਖ ਨੌਜਵਾਨਾਂ ਨੂੰ ਭਾਰੀ ਸਦਮਾ ਲੱਗਿਆ ਸੀ ਅਤੇ ਉਹ ਧਾਰਮਿਕ ਤੌਰ `ਤੇ ਜਜ਼ਬਾਤੀ ਹੋਏ ਆਪਣੀਆਂ ਛਾਉਣੀਆਂ ਛੱਡ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜ ਗਏ ਸਨ।ਉਸ ਸਮੇਂ ਦੇ ਹਾਲਾਤਾਂ ਦੀ ਡੂੰਘਾਈ ਵਿਚ ਘੋਖੇ ਬਗੈਰ ਇਹਨਾਂ ਫੌਜੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।ਉਹਨਾਂ ਕਿਹਾ ਕਿ ਇਹਨਾਂ ਸਾਬਕਾ ਫੌਜੀਆਂ ਦਾ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਫੌਜ ਦੀ ਸੇਵਾ ਲਈ ਪੈਨਸ਼ਨ ਸਮੇਤ ਸਾਰੇ ਲਾਭ ਦਿੱਤੇ ਜਾਣੇ ਚਾਹੀਦੇ ਹਨ।
ਸਾਂਸਦ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਦਿ ਮੈਂਬਰਾਂ ਵਾਲੇ ਇਸ ਅਕਾਲੀ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਵਿਸ਼ੇਸ਼ ਕਦਮਾਂ ਬਾਰੇ ਵੀ ਚਰਚਾ ਕੀਤੀ।ਅਕਾਲੀ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਐਸ.ਜੀ.ਪੀ.ਸੀ ਅਤੇ ਡੀ.ਐਸ.ਜੀ.ਐਮ.ਐਸ ਵਲੋਂ ਸ੍ਰੀ ਨਨਕਾਣਾ ਸਾਹਿਬ ਵਿਚ ਨਗਰ ਕੀਰਤਨ ਲਿਜਾਣ ਦੇ ਮੁੱਦੇ ਨੂੰ ਪਾਕਿਸਤਾਨ ਦੀ ਸਰਕਾਰ ਕੋਲ ਉਠਾਉਣ।
ਅਕਾਲੀ ਵਫ਼ਦ ਨੇ ਕਿਹਾ ਕਿ 6 ਜੂਨ ਨੂੰ ਇੰਦਰਾ ਗਾਂਧੀ ਦੀ ਅਗਵਾਈ `ਚ ਕਾਂਗਰਸ ਸਰਕਾਰ ਵਲੋਂ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ `ਤੇ ਸ੍ਰੀ ਦਰਬਾਰ ਸਾਹਿਬ ਵਿਖੇ ਇਕੱਠੇ ਹੋਏ ਸੈਂਕੜੇ ਨਿਰਦੋਸ਼ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਵਫ਼ਦ ਨੇ ਕਿਹਾ ਕਿ 35 ਸਾਲਾਂ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਹੁਣ ਮੁੜ ਐਨ.ਡੀ.ਏ ਸਰਕਾਰ ਆਉਣ `ਤੇ ਸਿੱਖਾਂ ਅੰਦਰ ਉਮੀਦ ਜਾਗੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ `ਤੇ ਮੰਦਭਾਗੇ ਹਮਲੇ ਨਾਲ ਸੰਬੰਧਿਤ ਅਹਿਮ ਮੁੱਦਿਆਂ ਦਾ ਹੁਣ ਜਲਦੀ ਹੱਲ ਨਿਕਲ ਆਵੇਗਾ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media