ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਵਾਤਾਵਰਣ ਹਮਾਇਤੀ ਮੁਹਿੰਮ ਅਤੇ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਪ੍ਰਧਾਨ ਮੁੱਖ ਵਣ ਪਾਲ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ ਡਾ. ਜਤਿੰਦਰ ਸ਼ਰਮਾ ਨੇ ਪਿੰਡ ਭਿੰਡਰਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਬਗੀਚੀ ਦਾ ਰਸਮੀ ਉਦਘਾਟਨ ਕਰਦਿਆਂ ਪਿੰਡ ਵਿੱਚ 550 ਬੂਟੇ ਲਗਾਉਣ ਦੀ ਪ੍ਰਕਿਰਿਆ ਆਰੰਭੀ।
ਵਾਤਾਵਰਣ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਾ ਭਰਾ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਹਰੇਕ ਉਮਰ ਵਰਗ ਦੇ ਨਾਗਰਿਕ ਨੂੰ ਆਪਣਾ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ ਤਾਂ ਜੋ ਬੂਟਿਆਂ ਨਾਲ ਨੇੜਲੀ ਸਾਂਝ ਪਾ ਕੇ ਆਲੇ-ਦੁਆਲੇ ਨੂੰ ਹਰਿਆਲੀ ਭਰਪੂਰ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਸਮੂਹ ਪਿੰਡਾਂ ਵਿੱਚ ਪ੍ਰਤੀ ਪਿੰਡ 550-550 ਬੂਟੇ ਲਗਾਉਣ ਦੀ ਮੁਹਿੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਨ੍ਹੀਂ ਦਿਨੀ ਪੈ ਰਹੀ ਤੇਜ਼ ਗਰਮੀ ਕਾਰਨ ਇਨ੍ਹਾਂ ਲਗਾਏ ਜਾਣ ਵਾਲੇ ਬੂਟਿਆਂ ਦੀ ਸਾਂਭ-ਸੰਭਾਲ ਦਾ ਪੂਰਾ ਪੂਰਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਡਾ. ਜਤਿੰਦਰ ਸ਼ਰਮਾ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਨੇ ਕਿਹਾ ਕਿ ਪੰਜਾਬ ਵਿੱਚ ਵਣ ਵਿਭਾਗ ਦੀਆਂ 222 ਨਰਸਰੀਆਂ ਹਨ ਅਤੇ 12600 ਪਿੰਡਾਂ ਨੂੰ ਹਰਾ ਭਰਾ ਬਣਾਉਣ ਲਈ ਫ਼ਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਵਿਕਸਤ ਕੀਤੇ ਗਏ ਹਨ ਅਤੇ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਲਈ ਹਰੇਕ ਵਣ ਮੰਡਲ ’ਚ ਵਾਤਾਵਰਣ ਦੀ ਸੁਰੱਖਿਆ ਲਈ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੌਰਾਨ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਆਈ.ਹਰਿਆਲੀ ਮੋਬਾਇਲ ਐਪ ਬਾਰੇ ਵੀ ਜਾਣਕਾਰੀ ਦਿੱਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media