ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਬਣਾਈ ਹਾਈਪਾਵਰ ਕਮੇਟੀ ਮਾਮਲੇ ਦੀ ਹਰ ਪੱਖ ਤੋਂ ਮੁਕੰਮਲ ਪੜਤਾਲ ਕਰੇਗੀ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ

ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ।ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵੀ ਚੋਰੀ ਕਰ ਲਿਆ ਗਿਆ ਸੀ, ਜਿਸ ਦੀ ਵਾਪਸੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਸਰਕਾਰ ਪਾਸੋਂ ਮੰਗ ਕਰਦੀ ਆ ਰਹੀ ਹੈ।ਪਰ ਹਾਲ ਹੀ `ਚ ਮੀਡੀਆ ਦੇ ਇਕ ਹਿੱਸੇ ਵੱਲੋਂ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਕਿ ਕੇਂਦਰ ਸਰਕਾਰ ਵੱਲੋਂ ਲਾਇਬ੍ਰੇਰੀ ਦਾ ਸਮੂਹ ਸਰਮਾਇਆ ਵਾਪਸ ਕਰ ਦਿੱਤਾ ਗਿਆ ਸੀ।
ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲਾਇਬ੍ਰੇਰੀ ਨਾਲ ਸਬੰਧਤ ਰਹੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਇਕੱਤਰਤਾ ਬੁਲਾਈ ਸੀ।ਇਸ ਇਕੱਤਰਤਾ ਦੌਰਾਨ ਸਬੰਧਤ ਅਧਿਕਾਰੀਆਂ ਨਾਲ ਲੰਮੇ ਵਿਚਾਰ ਵਟਾਂਦਰੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪੈ੍ਰਸ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੋਰੀ ਕੀਤਾ ਗਿਆ ਅਨਮੋਲ ਸਰਮਾਇਆ ਪੂਰਨ ਰੂਪ ਵਿਚ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਲਾਇਬ੍ਰੇਰੀ ਦੇ ਸਾਬਕਾ ਡਾਇਰੈਕਟਰ ਡਾ. ਅਨੁਰਾਗ ਸਿੰਘ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਲਿਸਟਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 205 ਹੱਥਲਿਖਤ ਸਰੂਪ, 807 ਪੁਸਤਕਾਂ, 1 ਹੁਕਮਨਾਮਾ ਅਤੇ ਅਖ਼ਬਾਰਾਂ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੀਆਂ ਗਈਆਂ ਸਨ। ਡਾ. ਰੂਪ ਸਿੰਘ ਨੇ ਵਿਸਥਾਰ ਦਿੰਦਿਆਂ ਦੱਸਿਆ ਕਿ ਅਸੈਸ਼ਨ ਰਜਿਸਟਰਾਂ ਦੇ ਰਿਕਾਰਡ ਮੁਤਾਬਕ ਜੂਨ 1984 ਤੋਂ ਪਹਿਲਾਂ ਲਾਇਬ੍ਰੇਰੀ ਵਿਚ 512 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਅਤੇ 12613 ਦੁਰਲੱਭ ਪੁਸਤਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਖ਼ਬਾਰਾਂ ਮੌਜੂਦ ਸਨ।ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਿਚ ਆਈ ਸੂਚੀ ਅਤੇ ਡਾ. ਅਨੁਰਾਗ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਲਾਇਬ੍ਰੇਰੀ ਦਾ ਸਮਾਨ ਵਾਪਸ ਆਇਆ ਵੀ ਹੈ ਤਾਂ ਫਿਰ ਵੀ 307 ਹੱਥਲਿਖਤ ਪਾਵਨ ਸਰੂਪ ਅਤੇ 11107 ਪੁਸਤਕਾਂ ਸ਼੍ਰੋਮਣੀ ਕਮੇਟੀ ਪਾਸ ਨਹੀਂ ਪੁੱਜੀਆਂ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਸਾਰਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿੱਤਾ ਗਿਆ ਹੈ।
ਮੁੱਖ ਸਕੱਤਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਜ਼ੁੰਮੇਵਾਰੀ ਨਾਲ ਲੰਮੇ ਅਰਸੇ ਤੋਂ ਸਰਕਾਰਾਂ ਪਾਸੋਂ ਲਾਇਬ੍ਰੇਰੀ ਦੇ ਸਮਾਨ ਦੀ ਵਾਪਸੀ ਮੰਗ ਰਹੀ ਹੈ। ਹੁਣ ਤੀਕ ਇਸ ਸਬੰਧ ਵਿਚ 85 ਦੇ ਕਰੀਬ ਪੱਤ੍ਰਿਕਾਵਾਂ ਕੇਂਦਰ ਸਰਕਾਰ ਨੂੰ ਲਿਖੀਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ ਵੱਖ-ਵੱਖ ਸਮੇਂ ’ਤੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੀ ਕੇਂਦਰ ਤੱਕ ਪਹੁੰਚ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸੱਚਾਈ ਇਸ ਦੇ ਬਿਲਕੁਲ ਉਲਟ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਚਾਲਾਂ ਨਾਲ ਸਮੇਂ ਦੀ ਕਾਂਗਰਸ ਸਰਕਾਰ ਨੂੰ ਦੋਸ਼ ਮੁਕਤ ਨਹੀਂ ਕੀਤਾ ਜਾ ਸਕੇਗਾ।
ਡਾ. ਰੂਪ ਸਿੰਘ ਨੇ ਪ੍ਰਕਾਸ਼ਤ ਖ਼ਬਰਾਂ ਵਿਚ ਵੱਡੀ ਕੀਮਤ ’ਤੇ ਵੇਚੇ ਗਏ ਹੱਥਲਿਖਤ ਸਰੂਪ ਬਾਰੇ ਕਿਹਾ ਕਿ ਇਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਇਸ ਸਬੰਧ ਵਿਚ ਇਕ ਹਾਈਪਾਵਰ ਕਮੇਟੀ ਬਣਾਈ ਜਾਵੇਗੀ, ਜੋ ਮਾਮਲੇ ਦੀ ਹਰ ਪੱਖ ਤੋਂ ਮੁਕੰਮਲ ਪੜਤਾਲ ਕਰੇਗੀ।ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਟਰੱਸਟੀ ਮੈਂਬਰ, ਹੱਥਲਿਖਤਾਂ ਦੇ ਮਾਹਿਰ, ਕਾਨੂੰਨੀ ਮਾਹਿਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਲ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਚ ਹੁਣ ਤੱਕ ਪਹੁੰਚੇ ਸਮਾਨ ਬਾਰੇ ਅਤੇ ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਵੇਚੇ ਗਏ ਸਰੂਪਾਂ ਦੇ ਇਲਜ਼ਾਮ ਬਾਰੇ ਬਾਰੀਕੀ ਨਾਲ ਜਾਂਚ ਕਰਵਾਈ ਜਾਵੇਗੀ। ਡਾ. ਰੂਪ ਸਿੰਘ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ ਅਤੇ ਜੇਕਰ ਇਸ ਸਬੰਧ ਵਿਚ ਹਾਈਪਾਵਰ ਕਮੇਟੀ ਦੀ ਜਾਂਚ ਮਗਰੋਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਅਵੱਸ਼ ਹੋਵੇਗੀ।ਲੇਕਿਨ ਜੇਕਰ ਲਗਾਈ ਗਈ ਖ਼ਬਰ ਦੇ ਵੇਰਵੇ ਗਲਤ ਸਾਬਤ ਹੁੰਦੇ ਹਨ ਤਾਂ ਉਸ ਵਿਰੁੱਧ ਵੀ ਕੇਸ ਦਰਜ ਕਰਵਾਇਆ ਜਾਵੇਗਾ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 1984 ਤੋਂ ਬਾਅਦ ਹੁਣ ਤੱਕ ਸ਼੍ਰੋਮਣੀ ਕਮੇਟੀ ਵਿਚ 17 ਸਕੱਤਰ, 18 ਲਾਇਬ੍ਰੇਰੀ ਇੰਚਾਰਜ, 2 ਡਾਇਰੈਕਟਰ ਅਤੇ 8 ਲਾਇਬ੍ਰੇਰੀਅਨ ਸੇਵਾ ਨਿਭਾਅ ਚੁੱਕੇ ਹਨ।ਜੇਕਰ ਲਾਇਬ੍ਰੇਰੀ ਦਾ ਸਾਰਾ ਸਮਾਨ ਵਾਪਸ ਆ ਗਿਆ ਸੀ ਤਾਂ ਉਹ ਇਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਨਜ਼ਰ ਕਿਉਂ ਨਾ ਪਿਆ।
ਇਸੇ ਦੌਰਾਨ ਡਾ. ਰੂਪ ਸਿੰਘ ਨੇ ਦੱਸਿਆ ਕਿ ਕਰੜੀ ਘਾਲਣਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਨਵੇਂ ਸਿਰਿਓਂ ਅਬਾਦ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਿਕਾਰਡ ਮੁਤਾਬਕ ਲਾਇਬ੍ਰੇਰੀ ਵਿਚ 24999 ਪੁਸਤਕਾਂ, 560 ਹੱਥਲਿਖਤ ਪਾਵਨ ਸਰੂਪ ਅਤੇ 1398 ਹੱਥਲਿਖਤ ਪੋਥੀਆਂ ਮੌਜੂਦ ਹਨ। ਡਾ. ਰੂਪ ਸਿੰਘ ਅਨੁਸਾਰ ਹੋਈ ਇਕੱਤਰਤਾ ਵਿਚ 21 ਮੌਜੂਦਾ ਤੇ ਸਾਬਕਾ ਅਧਿਕਾਰੀ ਸ਼ਾਮਲ ਹੋਏ।ਇਕੱਤਰਤਾ ਦੀ ਸਮੁੱਚੀ ਆਡੀਓ ਤੇ ਵੀਡੀਓ ਰਿਕਾਰਡਿੰਗ ਵੀ ਕੀਤੀ ਗਈ ਹੈ।
ਇਕੱਤਰਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਕੱਤਰ ਮਨਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ ਅਦਲੀਵਾਲ, ਸਤਬੀਰ ਸਿੰਘ, ਦਿਲਬਾਗ ਸਿੰਘ, ਲਾਇਬੇ੍ਰਰੀ ਦੇ ਸਾਬਕਾ ਡਾਇਰੈਕਟਰ ਡਾ. ਅਨੁਰਾਗ ਸਿੰਘ ਤੇ ਉਨ੍ਹਾਂ ਦੇ ਇਕ ਸਹਾਇਕ, ਸਾਬਕਾ ਸੁਪਰਵਾਈਜ਼ਰ ਹਰਦੀਪ ਸਿੰਘ, ਸਾਬਕਾ ਸਕਾਲਰ ਕਿਰਪਾਲ ਸਿੰਘ, ਸਾਬਕਾ ਲਾਇਬ੍ਰੇਰੀਅਨ ਬਲਬੀਰ ਸਿੰਘ, ਰਾਜ ਸਿੰਘ, ਮੀਤ ਸਕੱਤਰ ਗੁਰਬਚਨ ਸਿੰਘ, ਹਰਜਿੰਦਰ ਸਿੰਘ ਕੈਰੋਵਾਲ, ਬਲਵਿੰਦਰ ਸਿੰਘ ਕਾਹਲਵਾਂ, ਮੌਜੂਦਾ ਲਾਇਬ੍ਰੇਰੀਅਨ ਬਗੀਚਾ ਸਿੰਘ, ਬੀਬੀ ਸੁਖਵਿੰਦਰ ਕੌਰ, ਇੰਚਾਰਜ ਡਾ. ਅਮਰਜੀਤ ਕੌਰ, ਅਜਾਦਦੀਪ ਸਿੰਘ, ਗੁਰਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Punjab Post Daily Online Newspaper & Print Media