ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧੰਨਵਾਦ, ਸਿੱਖ ਮਿਸ਼ਨ ਲਈ ਜਗ੍ਹਾ ਮੰਗੀ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਗੁਜਰਾਤ ਨੂੰ ਨਿੱਜੀ ਤੌਰ ’ਤੇ ਮਿਲ ਕੇ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਕਿਹਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦਾ ਹਿੱਸਾ ਬਣਨ ਲਈ ਸੱਦਿਆ ਜਾ ਰਿਹਾ ਹੈ।
ਇਸੇ ਦੌਰਾਨ ਲੌਂਗੋਵਾਲ ਨੇ ਵਿਜੇ ਰੁਪਾਨੀ ਦਾ ਗੁਜਰਾਤ ’ਚ ਪੈਂਦੇ ਪਹਿਲੇ ਪਹਿਲੇ ਪਾਤਸ਼ਾਹ ਜੀ ਦੇ ਅਸਥਾਨ ਗੁਰਦੁਆਰਾ ਲਖਪਤ ਰਾਏ ਅਤੇ ਬੇਟ ਦਵਾਰਕਾ ’ਚ ਭਾਈ ਮੋਹਕਮ ਸਿੰਘ ਜੀ ਦੇ ਅਸਥਾਨ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ’ਤੇ ਧੰਨਵਾਦ ਕੀਤਾ।ਭਾਈ ਲੌਂਗੋਵਾਲ ਨੇ ਕਿਹਾ ਕਿ ਗੁਜਰਾਤ ਸਰਕਾਰ ਵੱਲੋਂ ਸਿੱਖ ਅਸਥਾਨਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਮੁੱਖ ਮੰਤਰੀ ਪਾਸੋਂ ਸਿੱਖ ਮਿਸ਼ਨ ਗੁਜਰਾਤ ਲਈ ਜਗ੍ਹਾ ਦੀ ਮੰਗ ਵੀ ਕੀਤੀ।ਵਿਜੇ ਰੁਪਾਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਲਈ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਹਾਮੀ ਭਰੀ।ਪ੍ਰਧਾਨ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਰੁਪਾਨੀ ਨੂੰ ਸਨਮਾਨਿਤ ਵੀ ਕੀਤਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਘੱਟਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਛਾਬੜਾ, ਦਰਸ਼ਨ ਸਿੰਘ ਪੀ.ਏ, ਹਰਭਜਨ ਸਿੰਘ ਅਹਿਮਦਾਬਾਦ, ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …