ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ
ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਸੇਵਾ ਸੰਭਾਲ ਅਤੇ ਲੋੜੀਂਦੇ ਕਾਰਜ ਕਰਨ ਦੀ ਜਿੰਮੇਵਾਰੀ ਉਸ ਨੂੰ ਦੇਣ ਦੀ ਸਿੱਕਮ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਬੀਤੇ ਕੱਲ੍ਹ ਨੂੰ ਦਿੱਲੀ ਵਿਖੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮੰਗ ਨੂੰ ਮਿਲੇ ਸਿੱਖ ਆਗੂਆਂ ਦੇ ਵਫਦ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਸਨ ਨੇ ਸ੍ਰੀ ਤਮੰਗ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਕਮ ਵਿਚਲੇ ਗੁਰੂ ਸਾਹਿਬ ਦੇ ਅਸਥਾਨਾਂ ਦਾ ਮਾਮਲਾ ਹੱਲ ਕੀਤਾ ਜਾਵੇ ਤੇ ਉਥੇ ਦੇ ਹੋਣ ਵਾਲੇ ਕਾਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਇਜਾਜ਼ਤ ਦਿੱਤੀ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਇਤਿਹਾਸਕ ਅਸਥਾਨ ਸਬੰਧੀ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ ਤਾਂ ਜੋ ਸਿੱਖ ਕੌਮ ਆਪਣੇ ਪਾਵਨ ਗੁਰਧਾਮਾਂ ਦੇ ਵਿਕਾਸ ਕਾਰਜ ਕਰਵਾ ਸਕੇ।ਉਨ੍ਹਾਂ ਕਿਹਾ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਪ੍ਰਚਾਰ ਯਾਤਰਾ ਦੌਰਾਨ ਸਿਕਮ ਵਿਚ ਚਰਨ ਪਾਏ ਸਨ, ਜਿਸ ਦੀ ਯਾਦ ਵਿਚ ਇਹ ਗੁਰੂਘਰ ਸੁਸ਼ੋਭਿਤ ਹੈ, ਜਦਕਿ ਬੀਤੇ ਸਮੇਂ ਵਿਚ ਬਿਨ੍ਹਾਂ ਕਾਰਨ ਹੀ ਗੁਰਦੁਆਰਾ ਸਾਹਿਬ ਦੀ ਇਤਿਹਾਸਕਤਾ ਨੂੰ ਚੁਣੌਤੀ ਦਿੱਤੀ ਜਾਂਦੀ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਗੁਰੂ ਘਰ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਗੁਰੂ ਸਾਹਿਬ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਤੱਕ ਇਸ ਦਾ ਪ੍ਰਬੰਧ ਸਿੱਖ ਕੌਮ ਨੂੰ ਮਿਲਣਾ ਚਾਹੀਦਾ ਹੈ।ਲੌਂਗੋਵਾਲ ਅਨੁਸਾਰ ਸਿੱੱਕਮ ਦੇ ਮੁੱਖ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media