Saturday, March 7, 2026

ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ- ਰਜ਼ੀਆ ਸੁਲਤਾਨਾ ਵੱਲੋਂ ਇੱਕ ਮਹੀਨੇ `ਚ ਸ਼ਿਕਾਇਤਾਂ ਦੇ ਨਿਪਟਾਰੇ ਦੇ ਹੁਕਮ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਿਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ PUNJ2106201906ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਨਿਪਟਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਉਠਾਏ ਗਏ ਵੱਖ-ਵੱਖ ਮਾਮਲਿਆਂ ’ਤੇ ਢੁਕਵੀਂ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਸਮੱਸਿਆ ਦਾ ਮਿਆਰੀ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
    ਇਸ ਦੌਰਾਨ ਨਸ਼ਿਆਂ ਦੀ ਮੁਕੰਮਲ ਤੌਰ ’ਤੇ ਰੋਕਥਾਮ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ  ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਨਸ਼ਿਆਂ ਦੀ ਵਿਕਰੀ ਕਰਦਾ ਹੈ ਤਾਂ ਉਸ ਬਾਰੇ ਟੋਲ ਫਰੀ ਨੰਬਰ 181 ’ਤੇ ਸੂਚਿਤ ਕੀਤਾ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਂਦਾ ਹੈ ਅਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਵੀ ਹਦਾਇਤ ਕੀਤੀ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁਧ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।
    ਮੀਟਿੰਗ ਦੌਰਾਨ ਕੁਝ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਦਾ ਮਾਮਲਾ ਉਠਾਏ ਜਾਣ ’ਤੇ ਸ਼੍ਰੀਮਤੀ ਸੁਲਤਾਨਾ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦਾ ਇਹ ਸਾਂਝਾ ਮਸਲਾ ਹੈ ਜਿਸ ਲਈ ਉਹ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਇਸ ਦਾ ਯੋਗ ਹੱਲ ਕਰਨ ਲਈ ਉਪਰਾਲੇ ਕਰਨਗੇ। ਇੱਟਾਂ ਤੇ ਸੀਮਿੰਟ ਦੇ ਬਜ਼ਾਰੀ ਰੇਟ ਅਤੇ ਡੀ.ਸੀ ਰੇਟ ਵਿੱਚ ਫ਼ਰਕ ਦਾ ਮੁੱਦਾ ਉਠਾਏ ਜਾਣ ਦੇ ਜਵਾਬ ਵਿੱਚ ਚੇਅਰਪਰਸਨ ਨੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨੂੰ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। ਲਹਿਰਾਗਾਗਾ ਦੇ ਕੁਝ ਖੇਤਰਾਂ ਵਿੱਚ ਸੜਕਾਂ, ਪੀਣ ਵਾਲੇ ਪਾਣੀ ਦੀ ਕਮੀ ਆਦਿ ਦੀ ਸ਼ਿਕਾਇਤ ਸਾਹਮਣੇ ਆਉਣ ’ਤੇ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਸਰਕਾਰ ਦੀਆਂ ਕੁਝ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਧਾਰ ਕਾਰਡ ਨੂੰ ਸਬੂਤ ਵਜੋਂ ਦਸਤਾਵੇਜ਼ਾਂ ਨਾਲ ਲਗਾਏ ਜਾਣ ਸਬੰਧੀ ਇੱਕ ਸ਼ਿਕਾਇਤ ਦੀ ਸੁਣਵਾਈ ਦੌਰਾਨ ਚੇਅਰਪਰਸਨ ਨੇ ਦੱਸਿਆ ਕਿ ਕੁਝ ਇੱਕ ਮਾਮਲਿਆਂ ਵਿੱਚ ਆਧਾਰ ਕਾਰਡ ਦੇ ਜਾਅਲੀ ਹੋਣ ਸਬੰਧੀ ਸ਼ੱਕ ਦੇ ਚਲਦਿਆਂ ਬਿਨੇਕਾਰ ਕੋਲੋਂ ਸਬੂਤ ਦੇ ਤੌਰ ’ਤੇ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਜਾ ਸਕਦੀ ਹੈ।
    ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸੇਵਾ ਕੇਂਦਰਾਂ, ਸਾਂਝ ਕੇਂਦਰਾਂ, ਫ਼ਰਦ ਕੇਂਦਰਾਂ, ਜ਼ਮੀਨੀ ਰਿਕਾਰਡ ਦੇ ਸੌ ਫੀਸਦੀ ਕੰਪਿਊਟਰੀਕਰਨ ਆਦਿ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਵੱਖ ਵੱਖ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ਿਲ੍ਹਾ ਸੰਗਰੂਰ ਪਹਿਲੇ ਸਥਾਨ ’ਤੇ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਇਹ ਇੱਕ ਢੁਕਵਾਂ ਤੇ ਸਾਕਾਰਾਤਮਕ ਮੰਚ ਹੈ ਜਿਸ ਦੀ ਵਰਤੋਂ ਲੋਕਾਂ ਦੇ ਭਲੇ ਲਈ ਹੋਣੀ ਚਾਹੀਦੀ ਹੈ।
    ਮੀਟਿੰਗ ਦੌਰਾਨ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਵਿਧਾਇਕ ਸੁਨਾਮ ਅਮਨ ਅਰੋੜਾ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਮੇਜਰ ਸਿੰਘ ਸੇਖੋਂ, ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸਤਗੁਰ ਸਿੰਘ ਨਮੋਲ, ਅਮਰਜੀਤ ਸਿੰਘ ਟੀਟੂ ਸਮੇਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਵੱਖ-ਵੱਖ ਮੈਂਬਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਸਮੂਹ ਐਸ.ਡੀ.ਐਮ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਓ.ਐਸ.ਡੀ ਟੂ ਕੈਬਨਿਟ ਮੰਤਰੀ ਦਲਜੀਤ ਸਿੰਘ, ਪੀ.ਏ ਦਰਬਾਰਾ ਸਿੰਘ ਆਦਿ ਵੀ ਹਾਜ਼ਰ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply