ਸਕੂਲੀ ਸਟਾਫ ਤੇ ਗ੍ਰਾਮ ਸਭਾ ਦੀ ਸ਼ਿਕਾਇਤ `ਤੇ ਐਸ.ਡੀ.ਐਮ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਜਾਂਚ
ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਨੇੜਲੇ ਪਿੰਡ ਬਾਲਦ ਕਲਾਂ ਵਿਖੇ ਚੱਲ ਰਹੇ ਆਦਰਸ ਸਕੂਲ ਦੇ ਸਟਾਫ ਅਤੇ ਪਿੰਡ ਦੀ
ਗ੍ਰਾਮ ਸਭਾ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਨੂੰ ਅਗਲੇਰੀ ਕਾਰਵਾਈ ਹਿੱਤ ਭੇਜ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਆਦਰਸ਼ ਸਕੂਲ ਬਾਲਦ ਕਲਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਕੂਲ ਦੇ ਅਧਿਆਪਕਾਂ, ਪਿੰਡ ਵਾਸੀਆਂ, ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਉਪਰੰਤ ਪੜਤਾਲੀਆ ਰਿਪੋਰਟ ਤਿਆਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਨੇ ਖੁਦ ਵੀ ਸਾਰੀਆਂ ਧਿਰਾਂ ਨਾਲ ਗੱਲਬਾਤ ਕੀਤੀ ਅਤੇ ਤੱਥਾਂ ਨੂੰ ਵਾਚਦੇ ਹੋਏ ਸਬੰਧਤ ਰਿਪੋਰਟ ਡੀ.ਜੀ.ਐਸ.ਈ ਪੰਜਾਬ ਨੂੰ ਭੇਜ ਦਿੱਤੀ ਗਈ ਹੈ।
ਮਹਿੰਦਰੂ ਨੇ ਦੱਸਿਆ ਕਿ ਸ਼ਿਕਾਇਤਕਰਤਾਵਾਂ ਨੇ ਆਪਣੀ ਸ਼ਿਕਾਇਤ ਰਾਹੀਂ ਦੱਸਿਆ ਸੀ ਕਿ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਪਿਛਲੇ 2 ਸਾਲਾਂ ਤੋਂ ਵਰਦੀਆਂ, ਬੂਟ, ਜੁਰਾਬਾਂ, ਕਾਪੀਆਂ, ਕਿਤਾਬਾਂ ਅਤੇ ਸਟੇਸ਼ਨਰੀ ਆਦਿ ਨਹੀਂ ਦਿੱਤੀ ਗਈ ਅਤੇ ਨਾ ਹੀ ਸਕੂਲ ਵਿੱਚ ਕਿਸੇ ਤਰ੍ਹਾਂ ਦੀ ਬੁਨਿਆਦੀ ਸੁਵਿਧਾ ਦੀ ਕੋਈ ਸਹੂਲਤ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਅਧਿਆਪਕਾਂ ਤੇ ਦਰਜਾ 4 ਕਰਮਚਾਰੀਆਂ ਨੂੰ 6-6 ਮਹੀਨੇ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ ਅਤੇ ਈ.ਪੀ.ਐਫ ਦਾ ਕੋਈ ਵੇਰਵਾ ਹੁਣ ਤੱਕ ਨਹੀਂ ਹੈ। ਐਸ.ਡੀ.ਐਮ ਨੇ ਦੱਸਿਆ ਕਿ ਸ਼ਿਕਾਇਤ ਪੱਤਰ ਵਿੱਚ ਦਰਜ ਵੇਰਵਿਆਂ ਦੇ ਆਧਾਰ ’ਤੇ ਜਾਂਚ ਕਰਨ ਤੋਂ ਬਾਅਦ ਰਿਪੋਰਟ ਅਗਲੇਰੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media