ਕਿਹਾ ਮੋਦੀ ਵੱਲੋਂ ਇਤਿਹਾਸਕ ਸਮਾਰੋਹ `ਚ ਸ਼ਮੂਲੀਅਤ ਦੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਪੁਸ਼ਟੀ
ਚੰਡੀਗੜ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ
ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਿਆਸੀਕਰਨ ਕਰਨ ਦੀ ਥਾਂ ਇਸ ਇਤਿਹਾਸਕ ਸਮਾਰੋਹ ਨੂੰ ਹੋਰ ਵੀ ਗੌਰਵਮਈ ਬਨਾਉਣ ਲਈ ਸੂਬਾ ਸਰਕਾਰ ਨੂੰ ਸੁਹਿਰਦ ਸਹਿਯੋਗ ਦੇਣ ਦੀ ਅਪੀਲ ਕੀਤੀ।
ਚੰਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ `ਤੇ ਟਿੱਪਣੀ ਕਰ ਰਹੇ ਸਨ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੇ ਉਨਾਂ ਅਤੇ ਹੋਰ ਅਕਾਲੀ ਲੀਡਰਾਂ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਦੌਰਾਨ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਿਰਕਤ ਕਰਨ ਦੀ ਪੁਸ਼ਟੀ ਕੀਤੀ।
ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 12 ਨਵੰਬਰ 2019 ਨੂੰ ਹੋਣ ਵਾਲੇ ਇਸ ਇਤਿਹਾਸਕ ਤੇ ਪਵਿੱਤਰ ਸਮਾਰੋਹ ਵਿੱਚ ਸ਼ਾਮਲ ਹੋਣ ਸਬੰਧੀ ਆਪਣੀ ਪੁਸ਼ਟੀ ਕੁੱਝ ਦਿਨ ਪਹਿਲਾਂ ਅਧਿਕਾਰਤ ਢੰਗ ਨਾਲ ਪ੍ਰਗਟਾਈ ਜਾ ਚੁੱਕੀ ਹੈ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਹੋਈ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਸਬੰਧੀ ਜਾਣੂ ਕਰਵਾਇਆ ਸੀ ਅਤੇ ਇਸ ਇਤਿਹਾਸਕ ਜਸ਼ਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਸੀ।
ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਫੈਸਲੇ ਲਈ ਸਿਹਰਾ ਲੈਣ ਦੀ ਬਜ਼ਾਏ ਸੁਖਬੀਰ ਬਾਦਲ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਤਾਬਦੀ ਸਮਾਗਮਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਏਕਤਾ ਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਨੇਪਰੇ ਚਾੜਿਆ ਜਾਵੇ।
ਚੰਨੀ ਨੇ ਮੁੱਖ ਮੰਤਰੀ ਦੇ ਇਸ ਉਦਮ ਦੀ ਵੀ ਸਲਾਘਾ ਕੀਤੀ ਕਿ ਉਨਾਂ ਤਿੰਨ ਮੰਤਰੀਆਂ ਨੂੰ ਸਿੱਖਾਂ ਦੀ ਸਰਵਉਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਅਗਵਾਈ ਲੈਣ ਲਈ ਭੇਜਿਆ ਤਾਂ ਜੋ ਪਹਿਲੇ ਸਿੱਖ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਵੱਡੇ ਪੱਧਰ `ਤੇ ਮਨਾਇਆ ਜਾਵੇ।
ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਕੁੱਲ ਦੁਨੀਆਂ ਦੇ ਲੋਕ ਧਰਮਾਂ ਤੋਂ ਉਪਰ ਉਠ ਕੇ ਸਤਿਕਾਰ ਦਿੰਦੇ ਹਨ, ਇਸ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਨੂੰ ਸਿਜ਼ਦਾ ਕਰਨਾ ਚਾਹੀਦਾ ਹੈ।ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸੂਬਾ ਸਰਕਾਰ ਨਾਲ ਜੁੜ ਕੇ ਇਨਾਂ ਜਸ਼ਨਾਂ ਨੂੰ ਇਤਿਹਾਸਕ ਤੇ ਯਾਦਗਾਰੀ ਬਣਾਉਣ ਲਈ ਹਿੱਸਾ ਪਾਉਣਾ ਚਾਹੀਦਾ ਹੈ।
ਚੰਨੀ ਜੋ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਨਾਲ ਤਕਨੀਕੀ ਸਿੱਖਿਆ ਤੇ ਉਦਯੋਗਿਤ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਵਿਭਾਗ ਦੇ ਵੀ ਮੰਤਰੀ ਹਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media